ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਸਤੰਬਰ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਜਪਾ ’ਤੇ ‘ਆਪ੍ਰੇਸ਼ਨ ਲੋਟਸ’ ਰਾਹੀਂ ਪੰਜਾਬ ’ਚ ‘ਆਪ’ ਵਿਧਾਇਕ ਖਰੀਦਣ ਤੇ ਸਰਕਾਰ ਡੇਗਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ਸੈਸ਼ਨ ਨਾ ਕਰਨ ਦੇਣਾ ਲੋਕਤੰਤਰ ਦੀ ਹੱਤਿਆ ਕਰਨਾ ਹੈ।
ਅੱਜ ਸ਼ਾਮ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਡਾ. ਬੀਆਰ ਅੰਬੇਡਕਰ ਦਾ ਸੰਵਿਧਾਨ ਭਾਰਤ ਨੂੰ ਇੱਕ ਲੋਕਤੰਤਰੀ ਦੇਸ਼ ਬਣਾਉਂਦਾ ਹੈ ਪਰ ਭਾਜਪਾ ਆਪਣੇ ਸਿਆਸੀ ਏਜੰਡੇ ਨਾਲ ਲੋਕਤੰਤਰ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਦੀ ਵੱਡੇ ਬਹੁਮਤ ਨਾਲ ਜਿੱਤ ਯਕੀਨੀ ਬਣਾ ਕੇ ਭਾਜਪਾ ਦੇ ਨਾਲ-ਨਾਲ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ, ਪਰ ਇਸ ਦੇ ਬਾਵਜੂਦ ਭਾਜਪਾ ਲੋਕਾਂ ਦੇ ਫਤਵੇ ਨੂੰ ਅਪਮਾਨਿਤ ਕਰਦੀ ਹੋਈ ਅਨੈਤਿਕ ਰਾਜਨੀਤੀ ਕਰਨ ’ਤੇ ਉੱਤਰ ਆਈ ਹੈ। ਉਨ੍ਹਾਂ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਦੁਆਰਾ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰੱਦ ਕਰਨ ਦੀ ਕਾਰਵਾਈ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਲੋਕਤੰਤਰੀ ਪ੍ਰਣਾਲੀ ਦੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਾਇਆ ਅਤੇ ਭਾਜਪਾ ‘ਆਪ’ ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੀ।