ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਜੂਨ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ’ਚ ਭਾਵੇਂ ਕੁੱਲ 16 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਪਰ ਪੰਜਕੋਣਾ ਮੁਕਾਬਲੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ, ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਅਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦਾ ਸਿਆਸੀ ਵੱਕਾਰ ਦਾਅ ’ਤੇ ਲੱਗਿਆ ਹੋਇਆ ਹੈ।
ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਜਿਥੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰੋਡ ਸ਼ੋਅ ਕੀਤਾ ਗਿਆ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਚਾਰ ਦਿਨ ਹਲਕੇ ਵਿਚ ਰੋਡ ਸ਼ੋਅ ਕਰਕੇ ਪਾਰਟੀ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਸਿਖ਼ਰ ’ਤੇ ਪਹੁੰਚਾਇਆ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ ਇੱਕ-ਇੱਕ ਹਲਕੇ ਦੀ ਜ਼ਿੰਮੇਵਾਰੀ ਸੰਭਾਲ ਕੇ ਪ੍ਰਚਾਰ ਵਿੱਚ ਕੋਈ ਕਸਰ ਨਹੀਂ ਛੱਡੀ। ‘ਆਪ’ ਨੇ ਤਿੰਨ ਮਹੀਨਿਆਂ ਦੀ ਸਰਕਾਰ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਵੋਟਾਂ ਮੰਗੀਆਂ ਹਨ।
ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿਚ ਚੋਣ ਪ੍ਰਚਾਰ ਵਿਚ ਜੁਟੀ ਰਹੀ। ਕਾਂਗਰਸ ਵੱਲੋਂ ‘ਆਪ’ ਸਰਕਾਰ ਦੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਅਤੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕਰਦਿਆਂ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਦੀ ਮੰਗ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਚੋਣ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਹੀ ਮੁੱਖ ਮੁੱਦਾ ਬਣਾਇਆ ਗਿਆ ਹੈ। ਬੰਦੀ ਸਿੰਘਾਂ ਦੇ ਪਰਿਵਾਰਾਂ ’ਚੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਉਮੀਦਵਾਰ ਬਣਾਇਆ, ਜਿਸ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਹਲਕੇ ਵਿਚ ਹੀ ਡੇਰੇ ਲਗਾ ਰੱਖੇ। ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ’ਚ ਸੁਖਬੀਰ ਸਿੰਘ ਬਾਦਲ ਅਤੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਵਲੋਂ ਇਹ ਪੇਸ਼ਕਸ਼ ਵੀ ਕੀਤੀ ਗਈ ਕਿ ਜੇਕਰ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਮੰਨ ਲਵੇ ਤਾਂ ਉਹ ਚੋਣ ਮੈਦਾਨ ’ਚੋ ਲਾਂਭੇ ਹੋ ਜਾਣਗੇ। ਚੋਣ ਮੈਦਾਨ ਦੇ ਆਖ਼ਰੀ ਪਲਾਂ ’ਚ ਅਜਿਹੇ ਬਿਆਨਾਂ ’ਤੇ ਸਿਆਸੀ ਵਿਰੋਧੀ ਸਵਾਲ ਵੀ ਉਠਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਲਾਵਾ ਪੰਜਾਬ ਦੇ ਕਈ ਮੁੱਦਿਆਂ ’ਤੇ ਆਧਾਰ ’ਤੇ ਵੋਟਾਂ ਦੀ ਮੰਗ ਕੀਤੀ ਹੈ। ਮਾਨ ਦੇ ਹੱਕ ਵਿਚ ਪਾਰਟੀ ਆਗੂਆਂ ਤੋਂ ਇਲਾਵਾ ਨੌਜਵਾਨ ਆਗੂ ਲੱਖਾ ਸਿਧਾਣਾ ਤੇ ਉਸ ਦੇ ਸਾਥੀਆਂ ਨੇ ਵੀ ਚੋਣ ਪ੍ਰਚਾਰ ਕੀਤਾ।
ਭਾਜਪਾ ਵੱਲੋਂ ਸੰਗਰੂਰ ਸੰਸਦੀ ਸੀਟ ਦੀ ਉਪ ਚੋਣ ਪਹਿਲੀ ਵਾਰ ਆਪਣੇ ਦਮ ’ਤੇ ਲੜੀ ਜਾ ਰਹੀ ਹੈ, ਜਿਸ ਕਾਰਨ ਚੋਣ ਪ੍ਰਚਾਰ ਵਿਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਸਮੁੱਚੀ ਸੂਬਾਈ ਲੀਡਰਸ਼ਿਪ ਅਤੇ ਕੇਂਦਰੀ ਆਗੂਆਂ ਨੇ ਵੀ ਆਪਣੇ ਦਮ ’ਤੇ ‘ਕਮਲ ਦਾ ਫੁੱਲ’ ਖਿੜਾਉਣ ਲਈ ਸਾਰੀ ਤਾਕਤ ਲਗਾ ਦਿੱਤੀ ਹੈ। ਭਾਜਪਾ ਵਲੋਂ ਚੋਣ ਪ੍ਰਚਾਰ ’ਚ ਜਿਥੇ ਕੇਂਦਰ ਵਿਚ ਆਪਣੀ ਬਿਹਤਰ ਕਾਰਗੁਜ਼ਾਰੀ ਦਾ ਦਾਅਵਾ ਕੀਤਾ ਗਿਆ, ਉਥੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਨੂੰ ਫੇਲ੍ਹ ਕਰਾਰ ਦਿੰਦਿਆਂ ਲੋਕਾਂ ਤੋਂ ਇੱਕ ਮੌਕਾ ਮੰਗਿਆ ਹੈ।
ਭਲਕੇ 23 ਜੂਨ ਨੂੰ ਹੋਣ ਵਾਲੀ ਚੋਣ ਵਿਚ ਹਲਕੇ ਦੇ ਵੋਟਰਾਂ ਦਾ ਫਤਵਾ ਈਵੀਐੱਮ ਮਸ਼ੀਨਾਂ ਵਿਚ ਬੰਦ ਹੋ ਜਾਵੇਗਾ। ਪੰਜਾਬ ’ਚ ‘ਆਪ’ ਜਿੱਤ ਦੀ ਹੈਟ੍ਰਿਕ ਬਣਾਉਣ ’ਚ ਸਫ਼ਲ ਹੋਵੇਗੀ ਜਾਂ ਵਿਰੋਧੀ ਧਿਰਾਂ ‘ਆਪ’ ਦੇ ਸਿਆਸੀ ਕਿਲ੍ਹੇ ’ਚ ਸੰਨ੍ਹ ਲਗਾ ਸਕਣਗੀਆਂ, ਇਹ 26 ਜੂਨ ਦੇ ਨਤੀਜੇ ਹੀ ਤੈਅ ਕਰਨਗੇ।