ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੁਲਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਫ਼ੈਸਲੇ ਦੀ ਆਲੋਚਨਾ ਕਰਨ ’ਤੇ ‘ਆਪ’ ਨੂੰ ਕਰੜੇ ਹੱਥੀਂ ਲੈਂਦਿਆਂ ਆਖਿਆ ਕਿ ਇਸ ਨਾਲ ਅਰਵਿੰਦ ਕੇਜਰੀਵਾਲ ਦੀ ਪਾਰਟੀ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ।
ਉਨ੍ਹਾਂ ਆਖਿਆ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਪਹਿਲੀ ਸੀ, ਜਿਸ ਨੇ ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਨੋਟੀਫਾਈ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਆਪ’ ਨੂੰ ਖੇਤੀਬਾੜੀ ਖੇਤਰ ਨਾਲ ਜੁੜੇ ਲੋਕਾਂ ਦੀ ਭਲਾਈ ਦਾ ਕੋਈ ਫਿਕਰ ਨਹੀਂ ਅਤੇ ਕਿਸਾਨਾਂ ਦੇ ਹੱਕ ਵਿੱਚ ਕੀਤੇ ਜਾਣ ਵਾਲੇ ਹਰ ਫ਼ੈਸਲੇ ਦਾ ਉਹ ਵਿਰੋਧ ਕਰਦੇ ਹਨ। ਪਾਰਟੀ ਦੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਹਰ ਸੂਬੇ ਦਾ ਦੌਰਾ ਕਰ ਰਹੇ ਕੇਜਰੀਵਾਲ ਵੱਲੋਂ ਮੁਫ਼ਤ ਬਿਜਲੀ ਯੂਨਿਟ ਦੇਣ ਦੇ ਕੀਤੇ ਜਾ ਰਹੇ ਵਾਅਦੇ ’ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਆਗੂ ਪੈਂਤੜੇਬਾਜ਼ੀ ਦਾ ਉਸਤਾਦ ਹੈ। ਇਥੋਂ ਤੱਕ ਦਿੱਲੀ ਵਿੱਚ ਜਿੱਥੇ ‘ਆਪ’ ਦੀ ਸਰਕਾਰ ਮੁਫ਼ਤ ਬਿਜਲੀ ਦੇਣ ਦਾ ਦਾਅਵਾ ਕਰ ਰਹੀ ਹੈ, ਦੇ ਅੰਕੜਿਆਂ ਦਾ ਵਿਸ਼ਲੇਸ਼ਣ ਦੱਸਦਾ ਹੈ ਕਿ ਕੌਮੀ ਰਾਜਧਾਨੀ ਦੇ ਬਾਸ਼ਿੰਦਿਆਂ ਨਾਲੋਂ ਪੰਜਾਬ ਦੇ ਲੋਕਾਂ ਨੂੰ ਜ਼ਿਆਦਾ ਸਸਤੀ ਬਿਜਲੀ ਮਿਲਦੀ ਹੈ।