ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਲਈ ਆਖ਼ਰੀ ਸਾਹ ਤੱਕ ਲੜਨਗੇ ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਅਦਾਲਤ ਵਿੱਚ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਉਹ ਅਦਾਲਤ ਦਾ ਬੂਹਾ ਖੜਕਾਉਣਗੇ। ਮੁੱਖ ਮੰਤਰੀ ਨੇ ਬਿੱਲ ਪਾਸ ਕਰਨ ਮੌਕੇ ‘ਜ਼ੁਬਾਨੀ ਵੋਟ’ ਦੀ ਰਣਨੀਤੀ ਅਪਣਾਏ ਜਾਣ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇੰਨੇ ਗੰਭੀਰ ਮੁੱਦੇ ਬਾਰੇ ਸਦਨ ਵੱਲੋਂ ਵੋਟਾਂ ਦੀ ਵੰਡ ਦਾ ਰਾਹ ਕਿਉਂ ਨਹੀਂ ਅਪਣਾਇਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜੇ ਤੱਕ ਬੇਸ਼ਰਮੀ ਨਾਲ ਸਰਕਾਰ ਦਾ ਹਿੱਸਾ ਬਣਿਆ ਹੋਇਆ ਹੈ, ਪਰ ਉਹ ਅਜਿਹੇ ਜ਼ਾਲਮ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਹੱਕ ਅਤੇ ਹਿਤਾਂ ਨੂੰ ਪੈਰਾਂ ਹੇਠ ਕੁਚਲਣ ਦੀ ਆਗਿਆ ਨਹੀਂ ਦੇਣਗੇ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਹ ਪਲ ਨਾ ਸਿਰਫ਼ ਕਿਸਾਨੀ ਲਈ ਮੌਤ ਸਿੱਧ ਹੋਵੇਗਾ, ਬਲਕਿ ਇਸ ਨਾਲ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਵੱਡਾ ਖ਼ਤਰਾ ਦਰਪੇਸ਼ ਰਹੇਗਾ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਬਾਵਜੂਦ ਕਿਸਾਨਾਂ ਦੇ ਦਿੱਲੀ ਵੱਲ ਨੂੰ ਚਾਲੇ ਪਾਉਣ ਤੋਂ ਸਾਫ਼ ਹੈ ਕਿ ਉਹ ਮੂਰਖ ਨਹੀਂ ਹਨ। ਮੁੱਖ ਮੰਤਰੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਜਾਰੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਬਾਰੇ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਲਈ ਵੀ ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਕੀਤੇ।