ਚਰਨਜੀਤ ਭੁੱਲਰ
ਚੰਡੀਗੜ੍ਹ, 28 ਜੁਲਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਬਰਗਾੜੀ ਮਾਮਲੇ ਵਿੱਚ ਸੀਬੀਆਈ ਦੇ ਅੜਿੱਕਿਆਂ ਕਰਕੇ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਵੱਲੋਂ ਕੇਸ ਦੀ ਜਾਂਚ ਪੜਤਾਲ ਅਤੇ ਫਾਈਲ ਮੋੜਨ ਤੋਂ ਨਾਂਹ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਉਨ੍ਹਾਂ ਦੀ ਟੀਮ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ। ਮੁੱਖ ਮੰਤਰੀ ਨੇ ਪੰਜਾਬ ਦੀ ਜਵਾਨੀ ’ਚ ਪੈਂਠ ਬਣਾਉਣ ਲਈ ਯੂਥ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨ ਲਈ ਤਾਇਨਾਤ ਕਰ ਦਿੱਤਾ ਹੈ ਅਤੇ ਨਾਲ ਹੀ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਬਰਗਾੜੀ ਮੁੱਦੇ ਅਤੇ ਨੌਜਵਾਨਾਂ ਨਾਲ ਸਬੰਧਤ ਮਾਮਲਿਆਂ ‘ਤੇ ਇੱਕ ਅਧਿਕਾਰੀ ਵਜੋਂ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਨੇ ਚੋਣਾਂ ਦਾ ਸਮਾਂ ਨੇੜੇ ਆਉਂਦਾ ਦੇਖ ਕੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਉਨ੍ਹਾਂ ਦੇ ਮਸਲੇ ਸੁਲਝਾਉਣ ਅਤੇ ਸੂਬੇ ਦੀ ਨੌਜਵਾਨੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਨਿਯਮਿਤ ਰੂਪ ਵਿੱਚ ਮੁਲਾਕਾਤ ਕਰਦੇ ਰਹਿਣ ਦੇ ਵੀ ਨਿਰਦੇਸ਼ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿੱਚ ਦਰਸਾਏ 562 ਵਾਅਦਿਆਂ ਵਿੱਚੋਂ 435 ਪੂਰੇ ਕਰ ਦਿੱਤੇ ਹਨ ਅਤੇ ਬਾਕੀ ਵਾਅਦੇ ਵੀ ਪੂਰੇ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵੱਲੋਂ ਆ ਚੁੱਕੀ ਹੈ ਜਿਨ੍ਹਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ। ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਬਾਰੇ ਤੁਰੰਤ ਪੜਤਾਲ ਅਤੇ ਵਿਜੀਲੈਂਸ ਬਿਊਰੋ ਦੁਆਰਾ ਤੁਰੰਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ। ਅਮਰਿੰਦਰ ਸਿੰਘ ਨੇ ਯੂਥ ਆਗੂਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਜਿਵੇਂ ਹੀ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੁੰਦਾ ਹੈ ਤਾਂ ਪਹਿਲੇ ਪੜਾਅ ਦੌਰਾਨ ਸਰਕਾਰੀ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ਕਰਵਾਈਆਂ ਜਾਣਗੀਆਂ ਜਦੋਂਕਿ ਪ੍ਰਾਈਵੇਟ ਸੰਸਥਾਨਾਂ ਵਿੱਚ ਇਹ ਚੋਣਾਂ ਮਗਰੋਂ ਹੋਣਗੀਆਂ।
ਇਸੇ ਦੌਰਾਨ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਤੇ ਸੀਈਓ ਦਿਨੇਸ਼ ਕੁਮਾਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਕੋਵਿਡ ਸਬੰਧੀ ਹਸਪਤਾਲ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮਗਰੋਂ ਦੱਸਿਆ ਗਿਆ ਪੰਜਾਬ ਸਰਕਾਰ ਵੱਲੋਂ ਬਠਿੰਡਾ ’ਚ ਸਥਾਪਿਤ ਏਮਜ਼ ’ਚ ਆਉਂਦੇ ਦੋ ਹਫਤਿਆਂ ਦੇ ਅੰਦਰ ਪ੍ਰਤੀ ਦਿਨ 180 ਕੋਵਿਡ ਟੈਸਟਿੰਗ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ, ਜਿਹੜੀ ਇੱਕ ਮਹੀਨੇ ਦੇ ਅੰਦਰ-ਅੰਦਰ 500 ਟੈਸਟ ਪ੍ਰਤੀ ਦਿਨ ਤੱਕ ਵਧਾਈ ਜਾਵੇਗੀ।
ਸਵਾਂਗ ਰਚਣ ਦਾ ਕੇਸ ਮੁੜ ਖੋਲ੍ਹਣ ਲਈ ਕੈਪਟਨ ਨੂੰ ਪੱਤਰ
ਜਲੰਧਰ (ਪਾਲ ਸਿੰਘ ਨੌਲੀ): ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਡੇਰਾ ਸਿਰਸਾ ਮੁਖੀ ਵਿਰੁੱਧ 2007 ਵਿੱਚ ਸਵਾਂਗ ਰਚਣ ਦੇ ਮਾਮਲੇ ਵਿੱਚ ਦਰਜ ਕੇਸ ਨੂੰ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ 2007 ਵਾਲੇ ਕੇਸ ਦਾ ਸਬੰਧਤ 2015 ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਹੈ। ਉਨ੍ਹਾਂ ਆਖਿਆ ਕਿ ਜੇਕਰ ਤਤਕਾਲੀ ਸਰਕਾਰ ਨੇ ਡੇਰਾ ਮੁਖੀ ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇਹ ਨੌਬਤ ਨਾ ਆਉਂਦੀ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਰਹਿੰਦਿਆਂ ਕਿਸੇ ਨੇ ਡੇਰਾ ਮੁਖੀ ਜਾਂ ਉਸ ਦੇ ਚੇਲਿਆਂ ਨੂੰ ਕੇਸ ਵਿੱਚ ਹੱਥ ਲਾਉਣਾ ਤਾਂ ਦੂਰ ਦੀ ਗੱਲ ਸਰਕਾਰੀ ਧਿਰ ਨੇ ਉਨ੍ਹਾਂ ਵੱਲ ਧਿਆਨ ਵੀ ਕੇਂਦਰਿਤ ਨਹੀਂ ਕੀਤਾ ਜਦਕਿ ਆਪਣੇ ਗੁਰੂ ਦੀ ਹੋਈ ਬੇਅਦਬੀ ਲਈ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਸਿੱਧੀਆਂ ਗੋਲੀਆਂ ਚਲਾਈਆਂ ਸਨ। ਉਨ੍ਹਾਂ ਆਖਿਆ ਕਿ ਇਸ ਕੇਸ ਬਾਰੇ ਲੁਧਿਆਣਾ ਤੋਂ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਇਸ ਨੂੰ ਦੁਬਾਰਾ ਖੁੱਲ੍ਹਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ-2221-2015- ਪਾਈ ਹੋਈ ਹੈ। ਇਸ ਲਈ ਸਵਾਂਗ ਰਚਣ ਦੇ ਕੇਸ ਨੂੰ ਮੁੜ ਖੋਲ੍ਹਣ ਲਈ ਕਾਨੂੰਨੀ ਰਾਏ ਲਈ ਜਾਵੇ ਅਤੇ ਬੇਅਦਬੀ ਦੇ ਕਸੂਰਵਾਰਾਂ ਨੂੰ ਸਜ਼ਾ ਦਿੱਤੀ ਜਾਵੇ, ਕਿਉਂਕਿ ਉਨ੍ਹਾਂ (ਕੈਪਟਨ) ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੋਇਆ ਹੈ।