ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਕਾਟੋ-ਕਲੇਸ਼ ਅਤੇ ਹੁਣ ਕੈਪਟਨ ਤੇ ਸਿੱਧੂ ਦੀ ਆਪਸੀ ਖਿੱਚੋਤਾਣ ਯੋਜਨਾਬੱਧ ਤਰੀਕੇ ਨਾਲ ਪੰਜਾਬੀਆਂ ਦਾ ਸੂਬੇ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਡੂੰਘੀ ਸਾਜ਼ਿਸ਼ ਹੈ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨਹੀਂ ਹਨ, ਜਿਨ੍ਹਾਂ ’ਤੇ ਲੋਕਾਂ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਬੇਅਦਬੀ, ਡਰੱਗ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਭੂ-ਮਾਫੀਆ, ਬੇਰੁਜ਼ਗਾਰੀ, ਮਹਿੰਗਾਈ ਵਰਗੇ ਅਨੇਕ ਅਜਿਹੇ ਮਸਲੇ ਹਨ, ਜੋ ਕਾਂਗਰਸੀ ਆਗੂਆਂ ਦੀ ਕੁਰਸੀ ਲਈ ਚੱਲ ਰਹੀ ਸਿਆਸੀ ਜੰਗ ਤੋਂ ਕਿਤੇ ਵੱਧ ਮਹੱਤਵਪੂਰਨ ਹਨ।