ਆਤਿਸ਼ ਗੁਪਤਾ
ਚੰਡੀਗੜ੍ਹ, 23 ਸਤੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਭਾਜਪਾ ਦੇ ਇਸ਼ਾਰਿਆਂ ’ਤੇ ਨੱਚ ਰਹੇ ਹਨ। ਮੋਦੀ ਸਰਕਾਰ ਦੋਵਾਂ ਦੀਆਂ ਕਈ ਕਮਜ਼ੋਰੀਆਂ ਨੂੰ ਪੰਜਾਬ ਵਿਰੁੱਧ ਵਰਤ ਰਹੀ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪਹਿਲਾਂ ਬਾਦਲਾਂ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਵਕਾਲਤ ਕੀਤੀ ਅਤੇ ਹੁਣ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਦੇ ਸੰਘਰਸ਼ ਨੂੰ ਨਾਕਾਮ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਹਨ। ਇਸ ਕਰ ਕੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਬਰਾਬਰ ਬਾਦਲਾਂ ਨੇ ‘ਚੱਕਾ ਜਾਮ’ ਦਾ ਡਰਾਮਾ ਕੀਤਾ ਹੈ। ਉਨ੍ਹਾਂ ਹਰਸਿਮਰਤ ਕੌਰ ਨੂੰ ‘ਡਰਾਮਾ ਕੁਈਨ’ ਕਰਾਰ ਦਿੰਦਿਆਂ ਕਿਹਾ ਕਿ ਅਸਤੀਫ਼ੇ ਵਾਲੇ ਡਰਾਮੇ ਦੇ ਬਾਵਜੂਦ ਬਾਦਲ ਅੱਜ ਵੀ ਕੇਂਦਰ ਸਰਕਾਰ ਦਾ ਹਿੱਸਾ ਹਨ ਅਤੇ ਮੋਦੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਸ੍ਰੀ ਚੀਮਾ ਨੇ ਕਿਹਾ ਕਿ ਬਾਦਲਾਂ ਵਾਂਗ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਮੋਦੀ ਸਰਕਾਰ ਦੀ ਕਠਪੁਤਲੀ ਹਨ, ਜਿਨ੍ਹਾਂ ਨੇ ਕਾਲੇ ਕਾਨੂੰਨਾਂ ਨੂੰ ਸਹਿਮਤੀ ਦਿੱਤੀ।
‘ਆਪ’ ਆਗੂਆਂ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਣੇ ਸੂਬੇ ਦੇ ਸਾਰੇ ਵਰਗਾਂ ਨੂੰ ਖੇਤੀ ਵਿਰੋਧੀ ਕਾਲੇ ਬਿੱਲਾਂ ਖ਼ਿਲਾਫ਼ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਐੱਮਐੱਸਪੀ ਐਲਾਨੇ ਜਾਣ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ’ਚ ਮੱਕੀ ਅਤੇ ਨਰਮਾ ਘੱਟ ਕੀਮਤ ’ਤੇ ਕਿਉਂ ਵਿਕ ਰਿਹਾ ਹੈ।