ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਪੰਜਾਬੀਆਂ ਦੀ ਬਦਨਾਮੀ ਕਰਨ ਲਈ ਫਿਕਸ ਮੈਚ ਖੇਡ ਰਹੀਆਂ ਹਨ। ਕਾਂਗਰਸ ਵੱਲੋਂ ਰਾਜਘਾਟ ਵਿੱਚ ਧਰਨਾ ਲਾਉਣ ਦੇ ਕੀਤੇ ਗਏ ਐਲਾਨ ’ਤੇ ਪ੍ਰਤੀਕਰਮ ਦਿੰਦਿਆਂ ਚੀਮਾ ਨੇ ਕਿਹਾ ਕਿ ਇਹ ਢੋਂਗ ਤੋਂ ਇਲਾਵਾ ਹੋਰ ਕੁਝ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਕੇਂਦਰ ਸਰਕਾਰ ਕੋਲ ਪਹੁੰਚ ਨਹੀਂ ਕਰ ਰਹੇ। ਪਹਿਲਾਂ ਵੀ ਉਨ੍ਹਾਂ ਨੇ ਰੇਲ ਮੰਤਰੀ ਜਾਂ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨ ਦੀ ਜਗ੍ਹਾ ਭਾਜਪਾ ਦੇ ਪ੍ਰਧਾਨ ਜੇ.ਪੀ ਨੱਢਾ ਨੂੰ ਪੱਤਰ ਲਿਖਿਆ ਸੀ। ਹੁਣ ਵੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਅਤੇ ਮਾਲ ਗੱਡੀਆਂ ਤੁਰੰਤ ਬਹਾਲ ਕਰਵਾਉਣ ਦੀ ਜਗ੍ਹਾ ਮੁੱਖ ਮੰਤਰੀ ਨੇ ਐਲਾਨ ਕਰ ਦਿੱਤਾ ਕਿ ਉਹ ਵਿਧਾਇਕਾਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਹੁਣ ਇਹ ਸਾਹਮਣੇ ਆਇਆ ਹੈ ਕਿ ਰਾਸ਼ਟਰਪਤੀ ਨੇ ਤਾਂ ਉਨ੍ਹਾਂ ਨੂੰ ਮਿਲਣ ਲਈ ਸਮਾਂ ਹੀ ਨਹੀਂ ਦਿੱਤਾ। ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਚੌਕਸ ਕੀਤਾ ਕਿ ਅਜਿਹੀਆਂ ਜੁਗਤਾਂ ਪੰਜਾਬ ਲਈ ਮਾੜੀਆਂ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਆਖਿਆ ਕਿ ਉਹ ਲੋਕਾਂ ਦਾ ਧਿਆਨ ਖਿੱਚਣ ਲਈ ਸਟੰਟ ਬੰਦ ਕਰ ਦੇਣ ਅਤੇ ਕਿਸਾਨਾਂ ਤੇ ਪੰਜਾਬੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਵਾਸਤੇ ਕੰਮ ਕਰਨ। ਉਨ੍ਹਾਂ ਕਿਹਾ ਕਿ ਲੋਕ ਅਜਿਹਾ ਮੁੱਖ ਮੰਤਰੀ ਚਾਹੁੰਦੇ ਹਨ ਜਿਹੜਾ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰੇ, ਨਾ ਕਿ ਜਿਹੜਾ ਉਨ੍ਹਾਂ ਦੀ ਸਥਿਤੀ ਹੋਰ ਵਿਗਾੜੇ।