ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਜੁਲਾਈ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖ਼ਿਲਾਫ਼ ਆਮਦਨ ਕਰ ਵਿਭਾਗ ਦੀ ਸ਼ਿਕਾਇਤਾਂ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 22 ਜੁਲਾਈ ਅਗਲੀ ਤਾਰੀਕ ਰੱਖੀ ਹੈ। ਦਰਅਸਲ, ਆਮਦਨ ਕਰ ਵਿਭਾਗ ਵੱਲੋਂ ਇੱਕ ਹੋਰ ਗਵਾਹੀ ਕਰਵਾਉਣ ਅਰਜ਼ੀ ਲਗਾਈ ਗਈ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਵਿੱਚ ਆਮਦਨ ਕਰ ਵਿਭਾਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਆਪਣੀ ਆਮਦਨ ਲੁਕਾਉਣ ਦੇ ਮਾਮਲੇ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ, ਇਸ ਮਾਮਲੇ ਵਿੱਚ ਅਦਾਲਤ ਨੇ ਦੋਵਾਂ ਨੂੰ ਤਲਬ ਵੀ ਕਰ ਲਿਆ ਸੀ, ਜਿਸ ਤੋਂ ਮੁੱਖ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਨੇ ਰਿਵੀਜ਼ਨ ਪਟੀਸ਼ਨ ਪਾ ਕੇ ਚੈਲੇਂਜ ਵੀ ਕੀਤਾ ਸੀ, ਜਿਸ ’ਤੇ ਅਦਾਲਤ ਨੇ ਹੇਠਲੀ ਅਦਾਲਤ ਨੂੰ ਫ਼ੈਸਲੇ ’ਤੇ ਦੁਬਾਰਾ ਵਿਚਾਰ ਕਰਨ ਲਈ ਕਿਹਾ ਸੀ। ਇਸ ਮਾਮਲੇ ਵਿੱਚ ਅੱਜ ਸੁਣਵਾਈ ਸੀ। ਦੱਸ ਦਈਏ ਕਿ ਆਮਦਨ ਕਰ ਵਿਭਾਗ ਨੇ ਕੈਪਟਨ ਅਮਰਿੰਦਰ ਸਿੰਘ ਤੇ ਰਣਇੰਦਰ ਸਿੰਘ ਖ਼ਿਲਾਫ਼ ਅਦਾਲਤ ਵਿੱਚ ਪਿਛਲੇ ਸਾਲ ਆਮਦਨ ਕਰ ਵਿਭਾਗ ਦੀ ਧਾਰਾ 277 ਤੇ ਆਈਪੀਸੀ ਦੀ ਧਾਰਾ 176, 177, 181, 186, 187, 193 ਤੇ 199 ਦੇ ਤਹਿਤ ਸ਼ਿਕਾਇਤ ਦਾਇਰ ਕੀਤੀ ਸੀ। ਇਸ ਸ਼ਿਕਾਇਤ ਵਿੱਚ ਵਿਭਾਗ ਨੇ ਕੈਪਟਨ ਤੇ ਉਨ੍ਹਾਂ ਦੇ ਪੁੱਤਰ ’ਤੇ ਦੋਸ਼ ਲਗਾਏ ਸਨ ਕਿ ਦੋਵਾਂ ਨੇ ਵਿਦੇਸ਼ਾਂ ਵਿੱਚ ਕਈ ਸੰਪਤੀਆਂ ਬਣਾਈਆਂ ਹਨ, ਜਿਸ ਦੀ ਕੋਈ ਜਾਣਕਾਰੀ ਵਿਭਾਗ ਨੂੰ ਨਹੀਂ ਦਿੱਤੀ। ਇਸ ਮਾਮਲੇ ਵਿੱਚ ਆਮਦਨ ਕਰ ਵਿਭਾਗ ਦੇ ਮੁਤਾਬਕ ਦੋਵਾਂ ਨੇ ਆਪਣੀ ਆਮਦਨ ਦੀਆਂ ਜਾਣਕਾਰੀਆਂ ਲੁਕਾਈਆਂ ਹਨ।