ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ, 11 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 3 ਜੁਲਾਈ ਨੂੰ ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੇ ਲਏ ਆਪਣੇ ਫੈਸਲੇ ਦੀ ਪਾਲਣਾ ਕਰਨ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਨੂੰ ਸਤੰਬਰ ਤੱਕ ਅੰਤਿਮ ਪ੍ਰੀਖਿਆਵਾਂ ਲਾਜ਼ਮੀ ਕਰਵਾਉਣ ਦੇ ਕੀਤੇ ਫੈਸਲੇ ’ਤੇ ਮੁੜ ਗੌਰ ਕਰਨ ਦੀ ਸਲਾਹ ਦੇਣ। ਕੈਪਟਨ ਨੇ ਦੱਸਿਆ,‘‘ਅਸੀਂ ਇਕ ਵਾਰ ਸਥਿਤੀ ਸੁਖਾਵੀਂ ਹੋਣ ’ਤੇ ਇਛੁੱਕ ਵਿਦਿਆਰਥੀਆਂ ਲਈ ਗਰੇਡ ਵਿੱਚ ਸੁਧਾਰ ਦੇ ਮੰਤਵ ਨਾਲ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਵੀ ਦੇ ਦਿੱਤੀ ਹੈ।’’ ‘‘ਇਹ ਕਦਮ ਅਕਾਦਮਿਕ ਭਰੋਸੇਯੋਗਤਾ, ਰੁਜ਼ਗਾਰ ਦੇ ਮੌਕੇ, ਭਵਿੱਖ ਦੀਆਂ ਸੰਭਾਵਨਾਵਾਂ ਅਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਲਈ ਯੋਗ ਅਤੇ ਬਰਾਬਰ ਮੌਕਿਆਂ ਨੂੰ ਯਕੀਨੀ ਬਣਾਏਗਾ।’’