ਪਾਲ ਸਿੰਘ ਨੌਲੀ
ਜਲੰਧਰ, 31 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਦੇ ਤਿੰਨ ਕਾਂਗਰਸੀ ਵਿਧਾਇਕਾਂ, ਇੱਕ ਸੰਸਦ ਮੈਂਬਰ ਤੇ ਇੱਕ ਸਾਬਕਾ ਸੰਸਦ ਮੈਂਬਰ ਦੇ ਘਰ ਫੇਰੀ ਪਾਈ। ਜਲੰਧਰ ਦੇ ਇਸ ਤੂਫ਼ਾਨੀ ਦੌਰੇ ਦੌਰਾਨ ਮੁੱਖ ਮੰਤਰੀ ਚੰਨੀ 9 ਥਾਵਾਂ ’ਤੇ ਗਏ। ਉਨ੍ਹਾਂ ਦੀ ਇਸ ਫੇਰੀ ਨੂੰ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਬਣਾਈ ਜਾ ਰਹੀ ਪਾਰਟੀ ਵਿੱਚ ਜਾਣ ਤੋਂ ਰੋਕਣ ਦੇ ਯਤਨ ਵਜੋਂ ਵੀ ਦੇਖਿਆ ਜਾ ਰਿਹਾ। ਹਾਲਾਂਕਿ ਉਨ੍ਹਾਂ ਆਪਣੀ ਇਸ ਫੇਰੀ ਦੌਰਾਨ ਜਲੰਧਰ ਸ਼ਹਿਰ ਲਈ ਕੋਈ ਵੱਡਾ ਐਲਾਨ ਨਹੀਂ ਕੀਤਾ।
ਇੱਕ ਕਾਂਗਰਸੀ ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਹੁੰਦਿਆਂ ਹੋਇਆਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਾ ਹੀ ਸਭ ਤੋਂ ਵੱਡੀ ਚਣੌਤੀ ਹੁੰਦੀ ਸੀ ਜਦ ਕਿ ਇਸ ਦੇ ਉਲਟ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਆ ਰਹੇ ਹਨ, ਉਨ੍ਹਾਂ ਦੇ ਰਿਸ਼ਤੇਦਾਰਾਂ, ਸਾਕ ਸਬੰਧੀਆਂ ਨੂੰ ਮਿਲ ਰਹੇ ਹਨ। ਇੱਕ ਹੋਰ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਹੋਰਾਂ ਦੀ ਫੇਰੀ ਨਾਲ ਜਿੱਥੇ ਕੌਂਸਲਰ ਪੱਧਰ ਦੇ ਕਾਂਗਰਸੀ ਆਗੂਆਂ ਨਾਲ ਸਿੱਧਾ ਰਾਬਤਾ ਹੋਇਆ ਹੈ ਉੱਥੇ ਆਉਂਦੀਆਂ 2022 ਦੀਆਂ ਚੋਣਾਂ ਲਈ ਜੋਸ਼ ਭਰਿਆ ਗਿਆ ਹੈ। ਚੰਨੀ ਇੱਥੋਂ ਦੇ ਸ੍ਰੀ ਦੇਵੀ ਤਾਲਾਬ ਮੰਦਿਰ ਵਿਖੇ ਮੱਥਾ ਟੇਕਣ ਤੋਂ ਬਾਅਦ ਸਿੱਧਾ ਜਲੰਧਰ ਕੇਂਦਰੀ ਦੇ ਵਿਧਾਇਕ ਰਜਿੰਦਰ ਬੇਰੀ ਦੇ ਘਰ ਗਏ, ਜਿੱਥੇ ਉਨ੍ਹਾਂ ਹਲਕੇ ਦੇ ਸਥਾਨਕ ਕੌਂਸਲਰਾਂ ਨਾਲ ਵੀ ਮੁਲਾਕਾਤ ਕੀਤੀ, ਫਿਰ ਉਹ ਜਲੰਧਰ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਗਏ। ਬਾਅਦ ਵਿੱਚ ਉਨ੍ਹਾਂ ਨੇ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਰਿੰਕੂ ਦੇ ਘਰ ਫੇਰੀ ਪਾਈ। ਇੱਕ ਸਥਾਨਕ ਕਾਂਗਰਸੀ ਆਗੂ ਨੇ ਕਿਹਾ, ਮੁੱਖ ਮੰਤਰੀ ਨੇ ਵਿਧਾਇਕ ਰਾਜਿੰਦਰ ਬੇਰੀ ਦੀ ਮਾਂ ਦੇ ਪੈਰੀਂ ਹੱਥ ਲਾਇਆ ਤੇ ਪਿਆਰ ਨਾਲ ਉਨ੍ਹਾਂ ਨੂੰ ਕਲਾਵੇ ਵਿੱਚ ਲਿਆ। ਅਜਿਹਾ ਕਰਕੇ ਚੰਨੀ ਵਿਧਾਇਕਾਂ ਨਾਲ ਨਿੱਜੀ ਤੌਰ ’ਤੇ ਨਿੱਘ ਵੀ ਵਧਾ ਰਹੇ ਹਨ। ਇਸੇ ਕਾਂਗਰਸੀ ਆਗੂ ਦਾ ਕਹਿਣਾ ਸੀ ਜਦੋਂ ਨਵਜੋਤ ਸਿੰਘ ਸਿੱਧੂ 18 ਜੁਲਾਈ ਨੂੰ ਜਲੰਧਰ ਆਏ ਸਨ ਤਾਂ ਉਨ੍ਹਾਂ ਦੋ ਵਿਧਾਇਕ ਰਾਜਿੰਦਰ ਬੇਰੀ ਤੇ ਸੁਸ਼ੀਲ ਰਿੰਕੂ ਨਾਲ ਮੁਲਾਕਾਤ ਨਹੀਂ ਕੀਤੀ ਸੀ। ਇਹ ਦੋਵੇਂ ਵਿਧਾਇਕ ਕੈਪਟਨ ਖੇਮੇ ਦੇ ਮੰਨੇ ਜਾਂਦੇ ਸਨ ਪਰ ਹੁਣ ਚੰਨੀ ਨੇ ਇਨ੍ਹਾਂ ਨੂੰ ਆਪਣੇ ਨਾਲ ਤੋਰਨ ਦਾ ਯਤਨ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਰਿਸ਼ਤੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਘਰ ਵੀ ਗਏ ਅਤੇ ਉਸ ਤੋਂ ਬਾਅਦ ਉਹ ਜਲੰਧਰ ਉੱਤਰੀ ਦੇ ਵਿਧਾਇਕ ਬਾਵਾ ਹੈਨਰੀ ਦੇ ਘਰ ਵੀ ਗਏ।
ਸ੍ਰੀ ਦੇਵੀ ਤਾਲਾਬ ਮੰਦਿਰ ’ਚ ਲੰਗਰ ਉਤੇ ਲੱਗੇ ਜੀਐੱਸਟੀ ਨੂੰ ਮੁਆਫ਼ ਕਰਨ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜਲੰਧਰ ਦੇ ਸ੍ਰੀ ਦੇਵੀ ਤਾਲਾਬ ਮੰਦਿਰ ’ਚ ਲੰਗਰ ਉਤੇ ਲੱਗੀ ਜੀਐੱਸਟੀ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਮੰਦਰ ’ਚ ਮੱਥਾ ਵੀ ਟੇਕਿਆ।
ਜਾਖੜ ਵੱਲੋਂ ਚੰਨੀ ’ਤੇ ਸਿਆਸੀ ਨਿਸ਼ਾਨਾ
ਚੰਡੀਗੜ੍ਹ (ਟਨਸ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਿੱਧੇ ਤਰੀਕੇ ਨਾਲ ਸਿਆਸੀ ਨਿਸ਼ਾਨੇ ’ਤੇ ਲਿਆ ਹੈ| ਉਨ੍ਹਾਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 36ਵੀਂ ਬਰਸੀ ਦੇ ਹਵਾਲੇ ਨਾਲ ਚੰਨੀ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਪਿਛਲੇ ਵਰ੍ਹੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਇੰਦਰਾ ਗਾਂਧੀ ਨੂੰ ਯਾਦ ਕਰਨ ਵਾਲਾ ਇੱਕ ਇਸ਼ਤਿਹਾਰ ਵੀ ਸਾਂਝਾ ਕੀਤਾ ਹੈ। ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵਿਟਰ ’ਤੇ ਆਖਿਆ,‘‘ਮੈਂ ਸਮਝ ਸਕਦਾ ਹਾਂ ਕਿ ਭਾਜਪਾ ‘ਭਾਰਤ ਦੀ ਆਇਰਨ ਲੇਡੀ’ ਨੂੰ ਇਤਿਹਾਸ ਵਿਚੋਂ ਮਿਟਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪ੍ਰੰਤੂ ਕੀ ਅਜੇ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਹੈ?’’ ਜਾਖੜ ਨੇ ਅੱਗੇ ਲਿਖਿਆ ਹੈ ਕਿ ਉਹ ਜਾਣਦੇ ਹਨ ਕਿ ਕੈਪਟਨ ਸਾਹਿਬ ਪਿਛਲੇ ਸਾਲ ਦੀ ਪੰਜਾਬ ਸਰਕਾਰ ਦੇ ਇਸ ਇਸ਼ਤਿਹਾਰ ਦੀ ਵਰਤੋਂ ਕਰਨ ’ਤੇ ਕੋਈ ਇਤਰਾਜ਼ ਨਹੀਂ ਕਰਨਗੇ। ਜਾਖੜ ਨੇ ਅਸਿੱਧੇ ਤਰੀਕੇ ਨਾਲ ਇਹ ਆਖਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਮਰਹੂਮ ਇੰਦਰਾ ਗਾਂਧੀ ਨੂੰ ਇਸ ਕਰਕੇ ਯਾਦ ਨਹੀਂ ਕੀਤਾ ਕਿ ਕਿਤੇ ਸਿੱਖ ਵੋਟਰ ਨਾਰਾਜ਼ ਨਾ ਹੋ ਜਾਣ| ਇਸ ਦੇ ਇਹ ਵੀ ਮਾਅਨੇ ਹਨ ਕਿ ਮੁੱਖ ਮੰਤਰੀ ਆਪਣੀ ਪਾਰਟੀ ਦੀ ਵਿਰਾਸਤ ਤੋਂ ਇਨਕਾਰੀ ਹਨ ਜਾਂ ਵਿਰਾਸਤ ਨੂੰ ਮੰਨਣ ਤੋਂ ਸੰਕੋਚ ਕਰ ਰਹੇ ਹਨ ਕਿਉਂਕਿ ਇਸ ਮੌਕੇ ਮੁੱਖ ਮੰਤਰੀ ਨੂੰ ਸਿਆਸੀ ਤੌਰ ’ਤੇ ਇਹ ਅਸੁਵਿਧਾਜਨਕ ਲੱਗਦਾ ਹੋਵੇਗਾ| ਜਾਖੜ ਟਵੀਟ ਕਰਕੇ ਚੰਨੀ ਨੂੰ ਸਿਆਸੀ ਤੌਰ ’ਤੇ ਘੇਰਦੇ ਆ ਰਹੇ ਹਨ। ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਬਾਰੇ ਕੋਈ ਟਵੀਟ ਨਹੀਂ ਕੀਤਾ ਹੈ। ਉਂਜ ਇੱਥੇ ਕਾਂਗਰਸ ਭਵਨ ਵਿਚ ਅੱਜ ਕੁੱਝ ਕਾਂਗਰਸੀ ਆਗੂਆਂ ਨੇ ਮਰਹੂਮ ਇੰਦਰਾ ਗਾਂਧੀ ਦੀ ਤਸਵੀਰ ’ਤੇ ਫੁੱਲ ਚੜ੍ਹਾ ਕੇ ਯਾਦ ਕੀਤਾ।