ਪਾਲ ਸਿੰਘ ਨੌਲੀ
ਜਲੰਧਰ, 20 ਜੂਨ
ਸਾਬਕਾ ਓਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਕਾਂਗਰਸ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਾਉਂਦਿਆ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਦੋ ਵਿਧਾਇਕਾਂ ਨੂੰ ਆਪਣੇ ਧੜੇ ਨਾਲ ਗੰਢੀ ਰੱਖਣ ਵਾਸਤੇ ਅਜਿਹਾ ਕੀਤਾ ਹੈ। ਪਰਗਟ ਸਿੰਘ ਨੇ ਸਵਾਲ ਕੀਤਾ ਕਿ ਕੀ ਇਹ ਹੌਰਸ ਟਰੇਡਿੰਗ (ਵਿਧਾਇਕਾਂ ਦੀ ਖਰੀਦੋ-ਫਰੋਖ਼ਤ) ਨਹੀਂ ਹੈ? ਉਨ੍ਹਾਂ ਮੰਗ ਕੀਤੀ ਕਿ ਇਸ ਗ਼ਲਤ ਫੈਸਲੇ ਨੂੰ ਵਾਪਸ ਲਿਆ ਜਾਵੇ। ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ 5 ਮੰਤਰੀਆਂ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਕਈ ਵਿਧਾਇਕਾਂ ਦੇ ਵਿਰੋਧ ਦੇ ਬਾਵਜੂਦ ਇਹ ਫ਼ੈਸਲਾ ਲੈ ਲਿਆ ਹੈ, ਜਿਸ ਦਾ ਸਾਰੇ ਪਾਸਿਉਂ ਵਿਰੋਧ ਹੋ ਰਿਹਾ ਹੈ। ਇਸ ਫ਼ੈਸਲੇ ਨਾਲ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇ ਭਰਾ ਨੂੰ ਡੀਐੱਸਪੀ ਲਾਉਣ ਦਾ ਫ਼ੈਸਲਾ ਵੀ ਗ਼ਲਤ ਸੀ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਹੋਰ ਪਾਰਟੀ ਵਿੱਚ ਜਾਣ ਦਾ ਕੋਈ ਇਰਾਦਾ ਨਹੀਂ ਹੈ।