ਦਵਿੰਦਰ ਪਾਲ
ਚੰਡੀਗੜ੍ਹ, 5 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦਾ ਸੱਦਾ ਦਿੰਦਿਆਂ ਸੁਰੱਖਿਅਤ ਅਤੇ ਸਾਫ਼-ਸੁਥਰੇ ਚੌਗਿਰਦੇ ਲਈ ਮਿੱਥੇ ਟੀਚਿਆਂ ਦੀ ਪੂਰਤੀ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਤਾਲਮੇਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਸੂਬਾ ਪੱਧਰ ’ਤੇ ਆਗਾਜ਼ ਕਰਦਿਆਂ ਮਿਸ਼ਨ ਦੇ ਪਹਿਲੇ ਪੜਾਅ ਦੀ ਸਫ਼ਲਤਾ ਨੂੰ ਅੱਗੇ ਵਧਾਉਂਦਿਆਂ 115 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਤਾਂ ਕਿ ਵੱਖ-ਵੱਖ ਵਿਭਾਗਾਂ ਦੀ ਅਗਵਾਈ ਹੇਠ 10 ਉਪ-ਮਿਸ਼ਨਾਂ ਨੂੰ ਅਮਲ ਵਿੱਚ ਲਿਆ ਕੇ ਦੂਜੇ ਪੜਾਅ ’ਤੇ ਵਧੇਰੇ ਕੇਂਦਰਿਤ ਹੋਇਆ ਜਾ ਸਕੇ। ਇਨ੍ਹਾਂ ਉਪ-ਮਿਸ਼ਨਾਂ ਵਿੱਚ ਸੁਰੱਖਿਅਤ ਭੋਜਨ, ਸਾਫ਼ ਪਾਣੀ, ਹਰਿਆ-ਭਰਿਆ ਪੰਜਾਬ, ਸੜਕ ਸੁਰੱਖਿਆ, ਪਾਲਣ-ਪੋਸ਼ਣ, ਰਹਿੰਦ-ਖੂੰਹਦ ਪ੍ਰਬੰਧਨ, ‘ਖੇਡੋ ਪੰਜਾਬ’, ਭੌਂ ਸੁਰੱਖਿਆ ਤੇ ਸਾਫ਼ ਹਵਾ ਆਦਿ ਸ਼ਾਮਲ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਦੀ ਭਾਵਨਾ ਨੂੰ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਕਾਰਨ ਫੈਲਦੀਆਂ ਘਾਤਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਜਿਵੇਂ ਕਿ ਮੌਜੂਦਾ ਸਮੇਂ ਹਵਾ ਪ੍ਰਦੂਸ਼ਣ ਅੱਖਾਂ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਦਾ ਕਾਰਨ ਬਣਿਆ ਹੋਇਆ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦਿਆਂ ਕੁਦਰਤ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ-ਮੁਕਤ ਰੱਖਿਆ ਜਾ ਸਕੇ। ਇਸ ਲਈ ਉਨ੍ਹਾਂ ਧਰਤੀ ਹੇਠਲੇ ਪਾਣੀ ਦੀ ਲੋੜੀਂਦੀ ਵਰਤੋਂ, ਪਾਣੀ ਦੀ ਘੱਟ ਖਪਤ ਵਾਲੀਆਂ ਫ਼ਸਲਾਂ ਪੈਦਾ ਕਰਨ, ਪਰਾਲੀ ਨਾ ਸਾੜਨ ਅਤੇ ਰਸਾਇਣਕ ਖਾਦਾਂ ਦੀ ਘੱਟ ਵਰਤੋਂ ’ਤੇ ਜ਼ੋਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਡੇ ਪੱਧਰ ’ਤੇ ਬੂਟੇ ਲਾਈਏ। ਮੁੱਖ ਮੰਤਰੀ ਨੇ ਮਿਲਾਵਟੀ ਦੁੱਧ ਅਤੇ ਡੇਅਰੀ ਵਸਤਾਂ ਦੇ ਗੈਰ-ਸਿਹਤਮੰਦ ਰੁਝਾਨ ਦੀ ਰੋਕਥਾਮ ਲਈ ‘ਮਿਸ਼ਨ ਤੰਦਰੁਸਤ’ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਭੋਜਨ/ਡੇਅਰੀ ਵਸਤਾਂ ਮੁਹੱਈਆ ਕਰਵਾਉਣਾ ਸਾਡਾ ਫਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਨਾਮਧਾਰੀ ਸੰਪਰਦਾ ਦੇ ਮੁਖੀ ਬਾਬਾ ਉਦੈ ਸਿੰਘ ਜਿਹੀਆਂ ਵਾਤਾਵਰਨ ਪੱਖੀ ਸ਼ਖ਼ਸੀਅਤਾਂ ਦੇ ਨਿਰੰਤਰ ਯਤਨਾਂ ਦੀ ਬਦੌਲਤ ਕਾਲੀ ਵੇਈਂ ਦੇ ਪਾਣੀ ਅਤੇ ਬੁੱਢੇ ਨਾਲੇ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ।