ਚੰਡੀਗੜ੍ਹ, 2 ਅਗਸਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਹਕੀਮ ਜੋ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਪਤਨੀ ਹੈ, ਨੇ ਸ਼ਨਿਚਰਵਾਰ ਨੂੰ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਆਪਣਾ ਅਸਤੀਫ਼ਾ ਸੌਂਪਿਆ ਸੀ। ਉਸ ਨੇ ਅਸਤੀਫ਼ੇ ਵਿੱਚ ਕਿਹਾ ਸੀ ਕਿ ਉਹ ਨਿੱਜੀ ਤੌਰ ’ਤੇ ਪ੍ਰੈਕਟਿਸ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕੀਤਾ, ‘‘ਸਾਰਿਆਂ ਨੂੰ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਦੇ ਅਸਤੀਫ਼ੇ ਸਬੰਧੀ ਅਨੁਮਾਨ ਲਗਾਉਣੇ ਬੰਦ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ’ਤੇ ਇਹ ਨਾਮਨਜ਼ੂਰ ਕਰ ਦਿੱਤਾ ਗਿਆ ਹੈ।’’
-ਪੀਟੀਆਈ