ਮਹਿੰਦਰ ਸਿੰਘ ਰੱਤੀਆਂ
ਮੋਗਾ, 11 ਜੂਨ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਇੱਥੇ ਕੈਪਟਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਵੇਲੇ ਨਸ਼ਾ ਖ਼ਤਮ ਕਰਨ ਅਤੇ ਘਰ-ਘਰ ਰੁਜ਼ਗਾਰ ਦੇਣ ਸਮੇਤ ਹੋਰ ਕਈ ਵਾਅਦੇ ਕੀਤੇ ਪਰ ਨਿਭਾਇਆ ਕੋਈ ਵੀ ਨਹੀਂ। ਉਨ੍ਹਾਂ ਆਖਿਆ ਕਿ ਕੈਪਟਨ ਖ਼ੁਦ ਤਾਂ ਮਹਿਲ ’ਚੋਂ ਨਿਕਲਦੇ ਨਹੀਂ ਅਤੇ ਉਨ੍ਹਾਂ ਦੇ ਵਜ਼ੀਰ ਕਰੋਨਾ ਦੀ ਆੜ ’ਚ ਫ਼ਤਹਿ ਕਿੱਟ ਵਰਗੇ ਘੁਟਾਲੇ ਕਰ ਰਹੇ ਹਨ, ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਮਾਨ ਨੇ ਘੁਟਾਲੇ ਨਾਲ ਜੁੜੇ ਵਿਧਾਇਕਾਂ ਦੇ ਨਾਮ ਜਨਤਕ ਕਰਨ ਦੀ ਮੰਗ ਕੀਤੀ। ਇਥੇ ਸਥਾਨਕ ਸਰਕਟ ਹਾਊਸ ਵਿੱਚ ਮਰਹੂਮ ਕਾਂਗਰਸੀ ਆਗੂ ਅਤੇ ਸਾਬਕਾ ਐੱਸਜੀਪੀਸੀ ਮੈਂਬਰ ਕੁਲਦੀਪ ਸਿੰਘ ਢੋਸ ਦੇ ਪੁੱਤਰ ਦੇਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਸਾਬਕਾ ਭਾਜਪਾ ਸੂਬਾ ਆਗੂ ਕੇਵਲ ਸਿੰਘ ਬਰਾੜ ਨੂੰ ‘ਆਪ’ ਵਿੱਚ ਸ਼ਾਮਲ ਕੀਤਾ। ‘ਆਪ’ ਵਿੱਚ ਸ਼ਾਮਲ ਹੋਏ ਦੇਵਿੰਦਰਜੀਤ ਸਿੰਘ ਲਾਡੀ ਢੋਸ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਹਨ ਅਤੇ ਕਾਂਗਰਸ ਵਿੱਚ ਸ਼ਮੂਲੀਅਤ ਤੋਂ ਪਹਿਲਾਂ ਉਹ ਮਨਪ੍ਰੀਤ ਬਾਦਲ ਦੀ ਪੀਪਲਜ਼ ਪਾਰਟੀ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਨ। ਇਸੇ ਤਰ੍ਹਾਂ ਕੇਵਲ ਸਿੰਘ ਬਰਾੜ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਹਮਾਇਤ ਵਿੱਚ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਗਲਤੀ ਨੂੰ ਸੁਧਾਰਦਿਆਂ ਇਸ ਵਾਰ ਆਮ ਆਦਮੀ ਪਾਰਟੀ ਮੁੱਖ ਮੰਤਰੀ ਦਾ ਚਿਹਰਾ ਚੋਣਾਂ ਤੋਂ ਪਹਿਲਾਂ ਐਲਾਨੇਗੀ ਤੇ ਇਹ ਚਿਹਰਾ ਪੰਜਾਬ ਦਾ ਹੀ ਹੋਵੇਗਾ।