ਦਵਿੰਦਰ ਪਾਲ
ਚੰਡੀਗੜ੍ਹ, 26 ਮਾਰਚ
ਸ਼ੋ੍ਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੋਨਾ ਪਾਜ਼ੇਟਿਵ ਆਉਣ ਕਾਰਨ ਜਿਹੜੀਆਂ ਰੈਲੀਆਂ ਮੁਲਤਵੀ ਕੀਤੀਆਂ ਗਈਆਂ ਸਨ, ਉਹ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇਸ ਸਬੰਧੀ ਫੈਸਲਾ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸ ਦੀ ਪ੍ਰਧਾਨਗੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਭਰ ਵਿਚ ਕਾਂਗਰਸ ਸਰਕਾਰ ਖਿਲਾਫ ਲਹਿਰ ਦੌੜ ਰਹੀ ਹੈ। ਦਲਿਤਾਂ, ਕਿਸਾਨਾਂ ਤੇ ਵਿਦਿਆਰਥੀਆਂ ਤੋਂ ਲੈ ਕੇ ਮੁਲਾਜ਼ਮ ਵਰਗ ਕਾਂਗਰਸ ਰਾਜ ਵਿਚ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਰਬਾਣੀ ਦੀ ਸਹੁੰ ਚੁੱਕ ਕੇ ਵਾਅਦਾ ਕੀਤਾ ਸੀ ਕਿ ਪੂਰਾ ਕਿਸਾਨੀ ਕਰਜ਼ਾ ਮੁਆਫ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਜਾਂ ਬੇਰੁਜ਼ਗਾਰੀ ਭੱਤਾ ਦੇਣ, ਨੌਜਵਾਨਾਂ ਨੂੰ ਸਮਾਰਟ ਫੋਨ, ਸੂਬੇ ਵਿਚ ਕੁੜੀਆਂ ਲਈ ਸਿੱਖਿਆ ਮੁਫਤ ਕਰਨ ਸਣੇ ਕਈ ਵਾਅਦੇ ਪੂਰੇ ਨਹੀਂ ਕੀਤੇ ਗਏ।
ਅੰਸਾਰੀ ਨੂੰ ਪੰਜਾਬ ’ਚ ਸਿਆਸੀ ਸ਼ਰਨ ਦੇਣ ਦੀ ਨਿਆਂਇਕ ਜਾਂਚ ਮੰਗੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਉਤਰ ਪ੍ਰਦੇਸ਼ ਨਾਲ ਸਬੰਧਤ ਅਪਰਾਧੀ ਮੁਖ਼ਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ‘ਸਰਕਾਰੀ ਮਹਿਮਾਨ’ ਵਜੋਂ ਦੋ ਸਾਲਾਂ ਤੋਂ ਰੱਖਣ ਦੀ ਨਿਆਂਇਕ ਜਾਂਚ ਮੰਗੀ ਹੈ। ਸੁਪਰੀਮ ਕੋਰਟ ਵੱਲੋਂ ਅੰਸਾਰੀ ਨੂੰ ਉੱਤਰ ਪ੍ਰਦੇਸ਼ ਵਿਚ ਤਬਦੀਲ ਕਰਨ ਦੇ ਹੁਕਮਾਂ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਦੇਸ਼ ਭਰ ਵਿਚ ਪੰਜਾਬ ਦੀ ਬਦਨਾਮੀ ਹੋਈ ਹੈ। ਇਸ ਨਾਲ ਅਜਿਹਾ ਪ੍ਰਭਾਵ ਗਿਆ ਹੈ ਕਿ ਕਾਂਗਰਸ ਪਾਰਟੀ ਅਪਰਾਧੀਆਂ ਨੂੰ ਬਚਾਉਣ ਲਈ ਕਿਸੇ ਵੀ ਪੱਧਰ ਤੱਕ ਡਿੱਗ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਉਂਦਾ ਹੈ ਜਿਸ ਨੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਕੇ ਅੰਸਾਰੀ ਨੂੰ ਦੋ ਸਾਲਾਂ ਤੋਂ ਉੱਤਰ ਪ੍ਰਦੇਸ਼ ਭੇਜਣ ਤੋਂ ਰੋਕੀ ਰੱਖਿਆ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਦੇ ਅਪਰਾਧਿਕ ਪਿਛੋਕੜ ਵਾਲੇ ਆਗੂ ਮੁਖਤਾਰ ਅੰਸਾਰੀ ਨੂੰ ਪੰਜਾਬ ਤੋਂ ਤਬਦੀਲ ਕਰਕੇ ਯੂਪੀ ਤਬਦੀਲ ਕਰਨ ਦੇ ਹੁਕਮਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ।