ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਪਰੈਲ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਬਾਦਲਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ। ਇਸੇ ਲਈ ਬੇਅਦਬੀ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦਾ ਬਚਾਅ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਹਾਈ ਕੋਰਟ ਦੇ ਡਬਲ ਬੈਂਚ ਕੋਲ ਅਪੀਲ ਕਰਨ ਦੀ ਥਾਂ ਸਿੰਗਲ ਬੈਚ ਦੇ ਫ਼ੈਸਲੇ ਅਨੁਸਾਰ ਤੁਰੰਤ ਨਵੀਂ ਜਾਂਚ ਕਮੇਟੀ ਬਣਾਉਣ ਦਾ ਐਲਾਨ ਕੀਤਾ। ਇਸ ਤੋਂ ਪਤਾ ਲੱਗਦਾ ਹੈ ਕਿ ਬਾਦਲਾਂ ਨੂੰ ਬਚਾਉਣ ਲਈ ਕੈਪਟਨ ਸਰਕਾਰ ਨੇ ਜਾਣ-ਬੁੱਝ ਕੇ ਹਾਈ ਕੋਰਟ ਵਿੱਚ ਕੇਸ ਕਮਜ਼ੋਰ ਕਰਵਾਇਆ ਅਤੇ ਇਸੇ ਲਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਖਾਰਜ ਹੋਈ।
ਚੀਮਾ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫਿਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਿਰਫ ਡਰਾਮਾ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਮਿਲੇ ਹੋਏ ਹਨ ਅਤੇ ਉਨ੍ਹਾਂ ਨੂੰ ਬਚਾਅ ਰਹੇ ਹਨ। ਇਸ ਲਈ ਡਰਾਮਾ ਕਰਨ ਦੀ ਥਾਂ ਕਾਂਗਰਸੀ ਆਗੂਆਂ ਨੂੰ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਵਿੱਚ ਸਿੱਖ ਪੰਥ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਬੇਅਦਬੀ ਮਾਮਲੇ ਦੀ ਮੁੜ ਤੋਂ ਜਾਂਚ ਕਰਵਾਈ ਜਾਵੇਗੀ ਅਤੇ ਮੁਲਜ਼ਮਾਂ ਨੂੰ ਸਜ਼ਾ ਦਿਵਾਈ ਜਾਵੇਗੀ।