ਦਵਿੰਦਰ ਪਾਲ
ਚੰਡੀਗੜ੍ਹ, 10 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਮੁੱਖ ਮੰਤਰੀ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਨਾਲ ਅੰਦਰਖਾਤੇ ਸਮਝੌਤਾ ਕਰਕੇ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਸੁਖਬੀਰ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਦਾ ਮੰਤਵ ਬਾਦਲ ਪਰਿਵਾਰ ਨੂੰ ਕੇਸ ਵਿਚ ਫਸਾਉਣਾ ਸੀ। ਕੈਪਟਨ ਨੇ ਜਾਂਚ ਦੇ ਨਾਂ ’ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਅਤੇ ਇਸ ਕੰਮ ਵਿਚ ਚਾਰ ਸਾਲ ਬਰਬਾਦ ਕਰ ਦਿੱਤੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਾਰ-ਵਾਰ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਿਸਾਨ ਵਿਰੋਧੀ ਕਦਮਾਂ ਨਾਲ ਸਹਿਮਤੀ ਪ੍ਰਗਟ ਕੀਤੀ ਹੈ। ਉਨ੍ਹਾਂ ਸੂਬੇ ਦੇ ਹਿੱਤ ਭਾਜਪਾ ਨੂੰ ਵੇਚ ਦਿੱਤੇ ਹਨ। ਜੇ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਆਰਡੀਨੈਂਸ ਤਿਆਰ ਕਰਨ ਸਮੇਂ ਹੀ ਫੌਰੀ ਕਾਰਵਾਈ ਕੀਤੀ ਹੁੰਦੀ ਤਾਂ ਕਿਸਾਨ ਅੰਦੋਲਨ ਦੀ ਜ਼ਰੂਰਤ ਹੀ ਨਾ ਪੈਂਦੀ। ਮੁੱਖ ਮੰਤਰੀ ਉਸ ਕਮੇਟੀ ਦਾ ਹਿੱਸਾ ਸਨ, ਜਿਸ ਨੇ ਇਹ ਆਰਡੀਨੈਂਸ ਵਿਚਾਰੇ ਅਤੇ ਤਿਆਰ ਕੀਤੇ। ਇਹ ਵੀ ਰਿਕਾਰਡ ਦਾ ਹਿੱਸਾ ਹੈ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤਕ ਨਹੀਂ ਕੀਤੀ। ਅਜਿਹੇ ਹਾਲਾਤ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਲਿਆ ਹੈ। ਇਸ ਲਈ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਸੁਖਬੀਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਅਤੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਹੋਰ ਮੁਸ਼ਕਲਾਂ ਤੁਰੰਤ ਹੱਲ ਕਰਨ। ਉਨ੍ਹਾਂ ਸੂਬਾ ਸਰਕਾਰ ਤੋਂ ਵੀ ਕਣਕ ਦੀ ਸੁਖਾਲੀ ਖਰੀਦ ਲਈ ਢੁਕਵੇਂ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬੀਤੇ ਦਿਨ ਬਾਹਰੋਂ ਆਏ ਕਣਕ ਦੇ ਤਿੰਨ ਟਰੱਕ ਫੜੇ ਜਾਣ ਨੇ ਸੰਕੇਤ ਦਿੱਤਾ ਹੈ ਕਿ ਪਿਛਲੇ ਝੋਨੇ ਦੇ ਸੀਜ਼ਨ ਵਾਂਗ ਇਸ ਵਾਰ ਵੀ ਕਾਂਗਰਸ ਦੇ ਮੰਤਰੀ ਬਾਹਰੋਂ ਸਸਤੀ ਕਣਕ ਖਰੀਦ ਕੇ ਸੂਬੇ ਵਿਚ ਐੱਮਐੱਸਪੀ ਅਨੁਸਾਰ ਵੇਚਣਾ ਚਾਹੁੰਦੇ ਹਨ। ਇਸ ਮੌਕੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।
ਸਹੀ ਢੰਗ ਨਾਲ ਕੇਸ ਪੇਸ਼ ਨਾ ਕਰ ਸਕੀ ਕੈਪਟਨ ਸਰਕਾਰ: ਮਾਨ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੋਟਕਪੂਰਾ ਗੋਲੀ ਕਾਂਡ ’ਚ ਸਿੱਖਾਂ ਨੂੰ ਇਨਸਾਫ਼ ਦਿਵਾਉਣ ’ਚ ਨਾਕਾਮ ਸਾਬਤ ਹੋਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੈਪਟਨ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਦਿਆਂ ਨਵੇਂ ਸਿਰੇ ਤੋਂ ਜਾਂਚ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉੱਚ ਅਦਾਲਤ ਦੇ ਫ਼ੈਸਲੇ ਤੋਂ ਸਿੱਧ ਹੁੰਦਾ ਹੈ ਕਿ ਐਡਵੋਕੇਟ ਜਨਰਲ ਅਤੁਲ ਨੰਦਾ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ’ਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਤੁਲ ਨੰਦਾ 150 ਵਕੀਲਾਂ ਦੀ ਟੀਮ ਨਾਲ ਵੀ ਕੋਟਕਪੂਰਾ ਗੋਲੀ ਕਾਂਡ ਦਾ ਕੇਸ ਅਦਾਲਤ ਅੱਗੇ ਸਹੀ ਢੰਗ ਨਾਲ ਨਹੀਂ ਰੱਖ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਕਥਿਤ ਤੌਰ ’ਤੇ ਬਾਦਲਾਂ ਨੂੰ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਸਰਕਾਰ ਆਉਣ ’ਤੇ ਕੋਟਕਪੂਰਾ ਕਾਂਡ ਦੀ ਮੁੜ ਜਾਂਚ ਕਰਵਾਈ ਜਾਵੇਗੀ।
‘ਕੈਪਟਨ-ਬਾਦਲ ਸਾਂਝ’ ਬੇਨਕਾਬ ਹੋਈ: ਸੰਧਵਾਂ
ਬਠਿੰਡਾ (ਸ਼ਗਨ ਕਟਾਰੀਆ): ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਬਾਰੇ ਕੋਟਕਪੂਰਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਸਰਕਾਰ ’ਤੇ ਦੋਗਲੀ ਨੀਤੀ ਅਪਣਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਇਸ ਫ਼ੈਸਲੇ ਨਾਲ ‘ਬਾਦਲ-ਕੈਪਟਨ ਸਾਂਝ’ ਬੇਨਕਾਬ ਹੋ ਗਈ ਹੈ। ਸੰਧਵਾਂ ਅਨੁਸਾਰ ਕੈਪਟਨ ਸਰਕਾਰ ਨੇ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਮੋਹਰਿਆਂ ਨੂੰ ਬਚਾਉਣ ਲਈ ਹਾਈ ਕੋਰਟ ’ਚ ਜਾਣਬੁੱਝ ਕੇ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਨਹੀਂ ਕੀਤਾ। ਇਸੇ ਸਦਕਾ ਅਦਾਲਤ ਵੱਲੋਂ ਐੱਸਆਈਟੀ ਜਾਂਚ ਖਾਰਜ ਕੀਤੀ ਗਈ ਹੈ।