ਇਕਬਾਲ ਸਿੰਘ ਸ਼ਾਂਤ
ਲੰਬੀ, 23 ਅਕਤੂਬਰ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਧਾਨ ਸਭਾ ’ਚ ਪਾਸ ਨਵੇਂ ਖੇਤੀ ਬਿੱਲਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਖੇਡਿਆ ਗਿਆ ਦਾਅ ਦੱਸਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਦੇ ਨਵੇਂ ਖੇਤੀ ਬਿੱਲਾਂ ’ਚ ਕਿਸਾਨਾਂ ਲਈ ਕੁੱਝ ਵੀ ਲਾਭਕਾਰੀ ਨਹੀਂ ਹੈ। ਇਸ ਵਿੱਚ ਕਿਸੇ ਥਾਂ ਵੀ ਇਹ ਜ਼ਿਕਰ ਨਹੀਂ ਹੈ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਸਾਰੀ ਫ਼ਸਲ ਦੀ ਖਰੀਦ ਕਰੇਗੀ। ਉਨ੍ਹਾਂ ਸਵਾਲ ਚੁੱਕਿਆ ਕਿ ਬਿੱਲ ’ਚ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਭਾਅ ’ਤੇ ਫ਼ਸਲ ਖਰੀਦਣ ਵਾਲਿਆਂ ਲਈ 3 ਸਾਲ ਦੀ ਜੇਲ੍ਹ ਦਾ ਐਲਾਨ ਹੈ, ਪਰ ਜੇ ਕੋਈ ਫ਼ਸਲ ਖਰੀਦੇ ਹੀ ਨਾ ਤਾਂ ਕੀ ਬਣੇਗਾ? ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਨੇ ਵਿਸ਼ੇਸ਼ ਇਜਲਾਸ ਸੱਦ ਕੇ ਸ਼੍ਰੋਮਣੀ ਅਕਾਲੀ ਦਲ ਦੇ ਮਤੇ ਤਹਿਤ ਪੰਜਾਬ ਨੂੰ ਇੱਕ ਮੰਡੀ ਨਹੀਂ ਐਲਾਨਿਆ। ਉਨ੍ਹਾਂ ਦੱਸਿਆ ਕਿ ਅਜਿਹੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਹੀ ਕਾਂਗਰਸ ਨਾਲ ਉਨ੍ਹਾਂ ਦੇ ਸਦਾ ਤੋਂ ਮੱਤਭੇਦ ਰਹੇ ਹਨ।