ਮੁਕੰਦ ਸਿੰਘ ਚੀਮਾ
ਸੰਦੌੜ, 6 ਦਸੰਬਰ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਅੱਜ ਅਨਾਜ ਮੰਡੀ ਸੰਦੌੜ ਵਿੱਚ ਰੈਲੀ ਕੀਤੀ ਗਈ। ਰੈਲੀ ਵਿੱਚ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਤੇ ਸੇਵਾਮੁਕਤ ਡੀਜੀਪੀ ਮੁਹੰਮਦ ਮੁਸਤਫਾ ਅਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਸ਼ਿਰਕਤ ਕੀਤੀ। ਇਸ ਮੌਕੇ ਮੁਹੰਮਦ ਮੁਸਤਫਾ ਨੇ ਕਿਹਾ ਕਿ 2017 ਵਿੱਚ ਸਰਕਾਰ ਬਣਨ ਦੇ ਤੁਰੰਤ ਬਾਅਦ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਗੜ ਗਈ ਸੀ ਅਤੇ ਇਸੇ ਰੰਜਿਸ਼ ਤਹਿਤ ਕੈਪਟਨ ਨੇ ਉਨ੍ਹਾਂ ਨੂੰ ਡੀਜੀਪੀ ਨਹੀਂ ਬਣਨ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸੱਤਾ ਵਿਚ ਰਹਿੰਦੇ ਹੋਏ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਪੁੱਛ-ਪ੍ਰਤੀਤ ਕਰਨ ਦੀ ਥਾਂ ਅਕਾਲੀ ਦਲ ਅਤੇ ਭਾਜਪਾ ਨਾਲ ਰਲ ਕੇ ਉਨ੍ਹਾਂ ਲਈ ਕੰਮ ਕੀਤਾ। ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮਾਲੇਰਕੋਟਲਾ ਹਲਕੇ ਦੇ ਅਧੂਰੇ ਕੰਮ ਜਲਦੀ ਪੂਰੇ ਕਰ ਦਿੱਤੇ ਜਾਣਗੇ।