ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਮਈ
ਭਾਜਪਾ ਆਗੂ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਸੂਬੇ ਦੀ ਕੈਪਟਨ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਅਸਫ਼ਲ ਰਹੀ ਹੈ, ਜਿਸ ਕਾਰਨ ਪੰਜਾਬ ਵਿੱਚ ਕਰੋਨਾ ਕਾਰਨ ਮੌਤ ਦਰ ਸਾਰੇ ਸੂਬਿਆਂ ਤੋਂ ਵੱਧ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਦਿੱਤੀ ਪ੍ਰਵਾਨਗੀ ਦੇ ਬਾਵਜੂਦ ਅੰਮ੍ਰਿਤਸਰ ਤੇ ਪਟਿਆਲਾ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਕਸੀਜਨ ਗੈਸ ਪਲਾਂਟ ਸਥਾਪਿਤ ਕਰਨ ਵਿੱਚ ਵੀ ਸਰਕਾਰ ਅਸਫ਼ਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਕੇਅਰ ਫੰਡ ਵਿੱਚੋਂ ਪੰਜਾਬ ਦੇ 3 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਕਸੀਜਨ ਪਲਾਂਟ ਲਾਉਣ ਵਾਸਤੇ ਗ੍ਰਾਂਟ ਦਿੱਤੀ ਗਈ ਸੀ ਪਰ ਪੰਜਾਬ ਸਰਕਾਰ ਸਿਰਫ਼ ਫ਼ਰੀਦਕੋਟ ਸਰਕਾਰੀ ਮੈਡੀਕਲ ਕਾਲਜ ਵਿੱਚ ਹੀ ਇਹ ਪਲਾਂਟ ਸਥਾਪਿਤ ਕਰ ਸਕੀ ਹੈ।