ਆਤਿਸ਼ ਗੁਪਤਾ
ਚੰਡੀਗੜ੍ਹ, 18 ਸਤੰਬਰ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ’ਚ 125 ਥਾਵਾਂ ’ਤੇ ਕਿਸਾਨ ਧਰਨੇ ਜਾਰੀ ਰਹੇ। ਜਿੱਥੇ ਵੱਡੀ ਗਿਣਤੀ ’ਚ ਨੌਜਵਾਨ, ਬਜ਼ੁਰਗਾਂ, ਮਹਿਲਾਵਾਂ ਤੇ ਬੱਚਿਆ ਨੇ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅੰਦੋਲਨ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀ ਧਰਤੀ ਅੰਦੋਲਨ ਦੀ ਧਰਤੀ ਬਣੀ ਹੋਣੀ ਹੈ, ਜਿੱਥੇ ਲੋਕ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਹੋਂਦ ਲਈ ਸੰਘਰਸ਼ ਕਰ ਰਹੇ ਹਨ ਅਤੇ ਅਜਿਹੇ ਸਮੇਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣਾ ਸੂਬੇ ’ਚ ਰਾਸ਼ਟਰਪਤੀ ਰਾਜ ਲਗਾਉਣ ਦਾ ਰਾਹ ਸੌਖਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਜਲਦੀ ਸਹਿਮਤੀ ਨਾਲ ਮੁੱਖ ਮੰਤਰੀ ਨਾ ਲਗਾਇਆ ਤਾਂ ਪੰਜਾਬ ’ਤੇ ਸਿੱਧਾ ਕੇਂਦਰ ਦਾ ਅਧਿਕਾਰ ਹੋ ਜਾਵੇਗਾ, ਜੋ ਕਿ ਮੌਜੂਦਾ ਸਮੇਂ ਪੰਜਾਬ ਦੇ ਲੋਕਾਂ ਅਤੇ ਕਿਸਾਨ ਅੰਦੋਲਨ ਲਈ ਵੀ ਘਾਤਕ ਸਾਬਤ ਹੋ ਸਕਦਾ ਹੈ। ਕਿਸਾਨ ਆਗੂ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕੇਂਦਰ ਸਰਕਾਰ ਆਪਣੀ ਕਿਸੇ ਸ਼ਰਾਰਤ ਵਿੱਚ ਕਾਮਯਾਬ ਨਾ ਹੋ ਸਕੇ। ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਤਿਆਰੀਆਂ ਖਿੱਚ ਲਈਆਂ ਹਨ।