ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੇੜਾ ਨੂੰ ਅੱਜ ਦਿਲ ਦੇ ਰੋਗ ਦੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਦਿਲ ਦੀ ਇਕ ਨਾੜੀ ਦੋ ਥਾਵਾਂ ਤੋਂ ਨੁਕਸਾਨੀ ਹੋਈ ਹੈ, ਜਿਸ ਲਈ ਸਰਜਰੀ ਦੀ ਲੋੜ ਦੱਸੀ ਗਈ ਹੈ। ਇਹ ਖੁਲਾਸਾ ਉਨ੍ਹਾਂ ਦੇ ਦਿਲ ਦੇ ਕੀਤੇ ਗਏ ਟੈਸਟਾਂ ਤੋਂ ਹੋਇਆ ਸੀ। ਬੀਤੇ ਦਿਨ ਦਿਲ ਅਤੇ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਕਾਰਨ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਭੇਜਿਆ ਗਿਆ ਸੀ। ਉਹ ਲਗਪਗ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ ਹਨ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਵੱਲੋਂ ਜਿਨ੍ਹਾਂ 9 ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ , ਉਨ੍ਹਾਂ ਵਿੱਚ ਭਾਈ ਖੇੜਾ ਦਾ ਨਾਂ ਵੀ ਸ਼ਾਮਲ ਸੀ। ਹਸਪਤਾਲ ਵਿਚ ਉਨ੍ਹਾਂ ਦੀ ਦੇਖਭਾਲ ਵਿੱਚ ਸਹਿਯੋਗ ਕਰ ਰਹੇ ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਐਂਬੂਲੈਂਸ 108 ਵਿੱਚ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ। ਉਨ੍ਹਾਂ ਦੀ ਨਿਗਰਾਨੀ ਲਈ ਚਾਰ ਸੁਰੱਖਿਆ ਕਰਮਚਾਰੀ ਵੀ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਬੰਦੀ ਸਿੱਖ ਦੀ ਦੇਖਭਾਲ ਲਈ ਉਨ੍ਹਾਂ ਦੀ ਪਤਨੀ ਤੋਂ ਇਲਾਵਾ ਹਵਾਰਾ ਕਮੇਟੀ ਦੇ ਕੁਝ ਮੈਂਬਰ ਵੀ ਨਾਲ ਗਏ ਹਨ।