ਅੰਮ੍ਰਿਤਸਰ: ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਿੱਖ ਬੰਦੀ ਗੁਰਦੀਪ ਸਿੰਘ ਖੇੜਾ ਨੂੰ ਅੱਜ ਛਾਤੀ ਅਤੇ ਪੇਟ ਵਿਚ ਦਰਦ ਹੋਣ ਕਾਰਨ ਗੁਰੂ ਨਾਨਕ ਦੇਵ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਾਇਆ ਗਿਆ। ਇਸ ਦੌਰਾਨ ਉਨ੍ਹਾਂ ਦੀ ਪਤਨੀ ਅਤੇ ਹਵਾਰਾ ਕਮੇਟੀ ਦੇ ਮੈਂਬਰਾਂ ਨੇ ਇਲਾਜ ’ਤੇ ਅਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਇਸ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰਕੇ ਇਸ ਪਾਸੇ ਉਚੇਚਾ ਧਿਆਨ ਦੇਣ ਦੀ ਅਪੀਲ ਕੀਤੀ ਹੈ। ਗੁਰਦੀਪ ਸਿੰਘ ਲਗਪਗ ਤਿੰਨ ਦਹਾਕਿਆਂ ਤੋਂ ਕਰਨਾਟਕਾ ਦੀ ਜੇਲ੍ਹ ਵਿੱਚ ਬੰਦ ਸੀ ਅਤੇ ਕੁਝ ਵਰ੍ਹੇ ਪਹਿਲਾਂ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਹਵਾਰਾ ਕਮੇਟੀ ਦੇ ਮੈਂਬਰ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਦੀ ਈਸੀਜੀ ਵਿਚ ਵੱਡਾ ਨੁਕਸ ਆਇਆ, ਉਨ੍ਹਾਂ ਨੂੰ ਜਿਸ ਵਾਰਡ ਵਿਚ ਭੇਜਿਆ ਗਿਆ ਉਸ ਵਾਰਡ ਦਾ ਮੁਖੀ ਛੁੱਟੀ ’ਤੇ ਹੈ ਅਤੇ ਸਹਾਇਕ ਡਾਕਟਰ ਵੀ ਹਾਜ਼ਰ ਨਹੀਂ ਸੀ। -ਟ੍ਰਿਬਿਊਨ ਨਿਊਜ਼ ਸਰਵਿਸ