ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਫਰਵਰੀ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਕਿਸਾਨਾਂ ਦਾ ਸਾਥ ਦੇਣ ਲਈ ਅੱਜ ਲੁਧਿਆਣਾ ਦੇ ਜਾਮਾ ਮਸਜਿਦ ਤੋਂ ਸੈਂਕੜੇ ਮੁਸਲਮਾਨਾਂ ਦਾ ਕਾਫਲਾ ਸਿੰਘੂ ਹੱਦ ਵੱਲ ਰਵਾਨਾ ਹੋਇਆ। ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਮੁੱਖ ਤੌਰ ’ਤੇ ਹਾਜ਼ਰ ਰਹੇ। ਕਾਫਲੇ ਦੀ ਅਗਵਾਈ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਮਾਨੀ ਲੁਧਿਆਣਾ ਨੇ ਕੀਤੀ।
ਇਸ ਦੌਰਾਨ ਸ਼ਾਹੀ ਇਮਾਮ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਤੋਂ ਹਜ਼ਾਰਾਂ ਲੋਕ ਰੋਜ਼ਾਨਾ ਦਿੱਲੀ ਰਵਾਨਾ ਹੋ ਰਹੇ ਹਨ। ਇਸੇ ਤਹਿਤ ਅੱਜ ਉਨ੍ਹਾਂ ਦੇ ਭਾਈਚਾਰੇ ਦੇ ਲੋਕ ਵੀ ਸਿੰਘੂ ਹੱਦ ਲਈ ਕੂਚ ਕਰ ਗਏ ਹਨ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੂੰ ਕਿਸੇ ਧਰਮ ਜਾਂ ਜਾਤੀ ਨਾਲ ਜੋੜ ਕੇ ਨਾ ਦੇਖਿਆ ਜਾਵੇ। ਇਸ ਵਿੱਚ ਹਿੰਦੂ, ਸਿੱਖ, ਮੁਸਲਮਾਨ ਸਮੇਤ ਸਾਰੇ ਧਰਮਾਂ ਦੇ ਲੋਕ ਸ਼ਾਮਲ ਹਨ। ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣੇ ਪੈਣਗੇ। ਜੇ ਇਹ ਕਾਨੂੰਨ ਲਾਗੂ ਹੋ ਗਏ ਤਾਂ ਲੋਕਾਂ ਨੂੰ ਆਟਾ 100 ਰੁਪਏ ਕਿਲੋ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਖਾਲਿਸਤਾਨ ਅਤੇ ਪਾਕਿਸਤਾਨ ਦਾ ਹਵਾਲਾ ਦੇ ਕੇ ਅੰਦੋਲਨ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਅਜਿਹਾ ਨਹੀਂ ਹੋਵੇਗਾ। ਕਾਨੂੰਨ ਰੱਦ ਕਰਵਾਉਣ ਲਈ ਸ਼ਾਂਤੀਪੂਰਵਕ ਵਿਰੋਧ ਹੋ ਰਿਹਾ ਹੈ। ਉਨ੍ਹਾਂ ਨੇ ਦਿੱਲੀ ਤੇ ਹਰਿਆਣਾ ਦੀ ਪੁਲੀਸ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਵਤੀਰੇ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਮਾਣ ਅਤੇ ਸ਼ਾਨ ਹਨ। ਇਨ੍ਹਾਂ ਕਿਸਾਨਾਂ ਦੇ ਬੱਚੇ ਹੀ ਤਿਰੰਗੇ ਦੀ ਸ਼ਾਨ ਲਈ 74 ਸਾਲਾਂ ਤੋਂ ਆਪਣੀਆਂ ਸ਼ਹਾਦਤਾਂ ਦੇ ਰਹੇ ਹਨ।