ਪਾਠਕ ਖ਼ਿਲਾਫ਼ ਕੇਸ ਸਿਆਸੀ ਬਦਲਾਖੋਰੀ ਨਹੀਂ: ਕੰਗ
ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ’ਚ ਜਾਣ ਨਾਲ ‘ਅਾਪ’ ਨੂੰ ਫਰਕ ਨਾ ਪੈਣ ਦਾ ਦਾਅਵਾ ਕੀਤਾ
ਬੀ ਐੱਸ ਚਾਨਾ
ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ ਖ਼ਿਲਾਫ਼ ਦਰਜ ਮਾਮਲੇ ਸਿਆਸੀ ਬਦਲਾਖ਼ੋਰੀ ਦਾ ਨਤੀਜਾ ਨਹੀਂ ਹਨ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ’ਚ ਪਹਿਲਾਂ ਹੀ ਜਾਂਚ ਚੱਲ ਰਹੀ ਸੀ।
ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ੍ਰੀ ਕੰਗ ਨੇ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਇੱਥੇ ਪਹੁੰਚੇ ਹਨ। ਭਾਜਪਾ ’ਚ ਸ਼ਾਮਲ ਹੋਏ ਸੱਤ ਰਾਜ ਸਭਾ ਮੈਂਬਰਾਂ ਬਾਰੇ ‘ਆਪ’ ਆਗੂ ਨੇ ਕਿਹਾ ਕਿ ਇਹ ਉਨ੍ਹਾਂ ਆਗੂਆਂ ਦਾ ਨਿੱਜੀ ਫ਼ੈਸਲਾ ਸੀ। ਉਨ੍ਹਾਂ ਦਾ ਲੋਕਾਂ ’ਚ ਕੋਈ ਆਧਾਰ ਨਹੀਂ ਸੀ ਅਤੇ ਉਨ੍ਹਾਂ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫਰਕ ਨਹੀਂ ਪੈਣਾ। ਸ੍ਰੀ ਕੰਗ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਵੱਡਾ ਹਸਪਤਾਲ ਬਣਾਉਣ ਲਈ ਕੇਂਦਰੀ ਸਿਹਤ ਮੰਤਰੀ ਜੇ ਪੀ ਨੱਢਾ ਨਾਲ ਮੁਲਾਕਾਤ ਕੀਤੀ ਹੈ ਅਤੇ ਹਲਕੇ ਵਿੱਚ ਸੈਨਿਕ ਸਕੂਲ ਖੋਲ੍ਹਣ ਸਬੰਧੀ ਵੀ ਵਿਚਾਰ ਚੱਲ ਰਿਹਾ ਹੈ।
ਹਿਮਾਚਲ ਪ੍ਰਦੇਸ਼ ਦਾ ਐਂਟਰੀ ਟੌਲ ਗ਼ੈਰ-ਵਾਜਬ ਕਰਾਰ
ਮਾਲਵਿੰਦਰ ਸਿਘ ਕੰਗ ਨੇ ਹਿਮਾਚਲ ਪ੍ਰਦੇਸ਼ ਵੱਲੋਂ ਸੂਬੇ ’ਚ ਐਂਟਰੀ ਲਈ ਟੌਲ ਟੈਕਸ ਲਾਉਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਜਥੇਬੰਦੀਆਂ ਵੱਲੋਂ ਮਾਮਲੇ ਬਾਰੇ ਲਿਖਤੀ ਰੂਪ ’ਚ ਦਿੱਤਾ ਜਾਂਦਾ ਹੈ ਤਾਂ ਉਹ ਅਗਾਮੀ ਲੋਕ ਸਭਾ ਸੈਸ਼ਨ ਦੌਰਾਨ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮਿਲ ਕੇ ਇਹ ਮਸਲਾ ਉਠਾਉਣਗੇ।

