ਖੇਤਰੀ ਪ੍ਰਤੀਨਿਧ
ਸਨੌਰ, 7 ਫ਼ਰਵਰੀ
ਵਿਧਾਨ ਸਭਾ ਹਲਕਾ ਸਨੌਰ ਦੇ ਅਕਾਲੀ ਵਿਧਾਇਕ ਤੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਧਾਰਾ 188 ਤੇ 283 ਸਮੇਤ ਪ੍ਰੀਵੈਨਸ਼ਨ ਐਕਟ 1989 ਦੀ ਧਾਰਾ 133 ਅਤੇ ਐੱਮ.ਵੀ ਐਕਟ ਦੀ ਧਾਰਾ 177 ਤਹਿਤ ਇਹ ਕੇਸ ਥਾਣਾ ਸਦਰ ਪਟਿਆਲਾ ਵਿੱਚ ਦਰਜ ਕੀਤਾ ਗਿਆ ਹੈ। ਇਹ ਕੇਸ ਹਲਕਾ ਸਨੌਰ ਦੇ ਰਿਟਰਨਿੰਗ ਅਫਸਰ ਤੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਜਸਲੀਨ ਭੁੱਲਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ ’ਤੇ ਪਾਬੰਦੀ ਲਾਈ ਹੋਈ ਹੈ ਪਰ ਚੰਦੂਮਾਜਰਾ ਨੇ ਆਪਣੇ ਸਮਰਥਕਾਂ ਰਾਹੀਂ ਰੋਡ ਸ਼ੋਅ ਕਰ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।