ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 5 ਸਤੰਬਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਾਵਾਰਿਸ ਅਤੇ ਪਾਲਤੂ ਪਸ਼ੂਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਪਸ਼ੂ ਪਾਲਕਾਂ ਦੀ ਸਿਆਸੀ ਪਹੁੰਚ ਹੋਣ ਕਾਰਨ ਨਗਰ ਨਿਗਮ ਦੇ ਮੁਲਾਜ਼ਮ ਬੇਵਸ ਜਾਪਦੇ ਸਨ, ਪ੍ਰੰਤੂ ਹੁਣ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਹੱਲਾਸ਼ੇਰੀ ਤੋਂ ਬਾਅਦ ਨਿਗਮ ਕਰਮਚਾਰੀਆਂ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪਿੰਡ ਮਟੌਰ ਅਤੇ ਸੈਕਟਰ-71 ਵਿੱਚ ਪਸ਼ੂ ਫੜਨ ਲਈ ਗਈ ਨਗਰ ਨਿਗਮ ਦੀ ਟੀਮ ਨੂੰ ਘੇਰ ਕੇ ਧੱਕੇ ਨਾਲ ਪਸ਼ੂ ਛੁਡਾਉਣ ਅਤੇ ਸਰਕਾਰੀ ਕੰਧ ਢਾਹੁਣ ਵਾਲੇ ਪਸ਼ੂ ਪਾਲਕਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 186, 323, 283, 341, 506 ਅਤੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਤੇ ਪਬਲਿਕ ਪ੍ਰਾਪਰਟੀ ਐਕਟ 1984 ਦੀ ਧਾਰਾ 3 ਦੇ ਤਹਿਤ ਦਰਜ ਕੀਤਾ ਕੇਸ ਗਿਆ ਹੈ। ਇਹ ਕਾਰਵਾਈ ਸਿਹਤ ਮੰਤਰੀ ਦੇ ਹੁਕਮਾਂ ’ਤੇ ਕੀਤੀ ਗਈ ਹੈ। ਬੀਤੇ ਦਿਨੀਂ ਸਾਬਕਾ ਕੌਂਸਲਰ ਅਮਰੀਕ ਸਿੰਘ ਸੋਮਲ ਦੀ ਸ਼ਿਕਾਇਤ ’ਤੇ ਸੈਕਟਰ-71 ਵਿੱਚ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਵਾਰਿਸ ਅਤੇ ਪਾਲਤੂ ਪਸ਼ੂਆਂ ਦੀ ਸਮੱਸਿਆ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਮੌਕੇ ’ਤੇ ਮੌਜੂਦ ਨਿਗਮ ਕਮਿਸ਼ਨਰ ਕਮਲ ਗਰਗ ਅਤੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਕਸੂਰਵਾਰ ਪਸ਼ੂ ਪਾਲਕਾਂ ਦੇ ਖ਼ਿਲਾਫ਼ ਐਫ਼ਆਈਆਰ ਦਰਜ ਕਰਨ ਦੀ ਹਦਾਇਤ ਕੀਤੀ ਸੀ।
ਉਧਰ, ਭਾਜਪਾ ਦੇ ਸਾਬਕਾ ਕੌਂਸਲਰ ਬੌਬੀ ਕੰਬੋਜ ਨੇ ਮੰਗ ਕੀਤੀ ਹੈ ਕਿ ਜਿਵੇਂ ਮਟੌਰ ਦੇ ਪਸ਼ੂ ਪਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਉਸੇ ਤਰ੍ਹਾਂ ਪਿੰਡ ਕੁੰਭੜਾ ਦੇ ਪਸ਼ੂ ਪਾਲਕਾਂ ਖ਼ਿਲਾਫ਼ ਵੀ ਪੁਲੀਸ ਕੇਸ ਦਰਜ ਕੀਤਾ ਜਾਵੇ।