ਲੁਧਿਆਣਾ (ਟਨਸ): ਲੁਧਿਆਣਾ ਪੁਲੀਸ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਨੇੜਲੇ ਸਾਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਸਮੇਤ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਕਮਿਸ਼ਨਰੇਟ ਪੁਲੀਸ ਨੇ ਏਸੀਪੀ (ਕ੍ਰਾਈਮ) ਸੁਮਿਤ ਸੂਦ ਦੀ ਸ਼ਿਕਾਇਤ ‘ਤੇ ਇਹ ਕੇਸ ਦਰਜ ਕੀਤਾ ਹੈ, ਜਿਸ ਤੋਂ ਬਾਅਦ ਹੁਣ ਕਿਸੇ ਵੀ ਸਮੇਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਪੁਲੀਸ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾਈ ਸੀ, ਜਿਸ ਵਿੱਚ ਉਹ 21 ਨਵੰਬਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਇੱਕ ਟਵੀਟ ਦੇ ਵਿਰੋਧ ‘ਚ ਆਖ ਰਿਹਾ ਹੈ ਕਿ ਇਹ ਲੋਕ 32 ਬੋਰ, 12 ਬੋਰ ਦੇਖ ਕੇ ਹੀ ਚੀਕਾਂ ਮਾਰਨ ਲੱਗ ਜਾਂਦੇ ਹਨ, ਜੋ ਹਥਿਆਰ ਹਾਲੇ ਸ਼ੋਅ ਹੀ ਨਹੀਂ ਕੀਤੇ ਉਨ੍ਹਾਂ ਨੂੰ ਦੇਖ ਕੇ ਤਾਂ ਇਹ ਲੋਕ ਜ਼ਹਿਰ ਖਾ ਲੈਣਗੇ। ਪੁਲੀਸ ਅਨੁਸਾਰ ਇਸ ਤਰ੍ਹਾਂ ਦੀ ਗੱਲਬਾਤ ਕਰ ਕੇ ਅੰਮ੍ਰਿਤਪਾਲ ਮਹਿਰੋਂ ਨੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਹੈ। ਉੱਧਰ, ਉਹ ਨੌਜਵਾਨਾਂ ਨੂੰ ਵਰਗਲਾ ਰਿਹਾ ਹੈ। ਇਸ ਦੇ ਨਾਲ ਹੀ ਭੜਕਾਊ ਸ਼ਬਦਾਵਲੀ ਵਰਤ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਾਰਨ ਦੀ ਧਮਕੀ ਦੇ ਕੇ ਸ਼ਰੇਆਮ ਹਥਿਆਰਾਂ ਨੂੰ ਪ੍ਰਮੋਟ ਕਰ ਰਿਹਾ ਹੈ। ਬੀਤੇ ਦਿਨੀਂ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਬਾਅਦ ਅੱਜ ਪੁਲੀਸ ਨੇ ਕਾਰਵਾਈ ਕਰਦੇ ਹੋਏ ਏਸੀਪੀ ਦੀ ਸ਼ਿਕਾਇਤ ‘ਤੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।