ਆਤਿਸ਼ ਗੁਪਤਾ
ਚੰਡੀਗੜ੍ਹ, 11 ਜੁਲਾਈ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਪੁਲੀਸ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਚੰਡੀਗੜ੍ਹ ਦੇ ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹੋਰਾਂ ਵਿਰੁੱਧ ਆਈਪੀਸੀ ਦੀ ਧਾਰਾ 336 (4), 356 ਤੇ 61 (2) ਤਹਿਤ ਦਰਜ ਕੀਤਾ ਗਿਆ ਹੈ। ਬਾਜਵਾ ਨੇ ਪਿਛਲੇ ਦਿਨੀਂ ਚੰਡੀਗੜ੍ਹ ਪੁਲੀਸ ਕੋਲ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਬਾਜਵਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ 25 ਜੂਨ ਨੂੰ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਪੰਜਾਬ ਵਿਜੀਲੈਂਸ ਬਿਊਰੋ ਵਿਰੁੱਧ ਵੀਡੀਓ ਪੋਸਟ ਕੀਤੀ ਸੀ, ਜਿਸ ਵਿੱਚ ਵਿਜੀਲੈਂਸ ਵੱਲੋਂ ਅਕਾਲੀ ਵਿਧਾਇਕ ਗਨੀਵ ਕੌਰ ਦੇ ਘਰ ਵਿੱਚ ਦਾਖ਼ਲ ਹੋ ਕੇ ਉਨ੍ਹਾਂ ਨਾਲ ਦੁਰਵਿਹਾਰ ਕਰਨ ਬਾਰੇ ਜ਼ਿਕਰ ਸੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਵੀਡੀਓ ਨੂੰ ਤੋੜ-ਮਰੋੜ ਕੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਚਲਾਇਆ ਅਤੇ ਸਿਆਸੀ ਮਨੋਰਥ ਦੀ ਪੂਰਤੀ ਲਈ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ। ਹਾਲੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਜਵਾ ਅਤੇ ਭਾਜਪਾ ਆਪਸ ਵਿੱਚ ਮਿਲੇ ਹੋਏ ਹਨ ਜਿਨ੍ਹਾਂ ਵੱਲੋਂ ਝੂਠੇ ਕੇਸ ਦਰਜ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਕਤ ਮਾਮਲੇ ਦਾ ਕਾਨੂੰਨੀ ਢੰਗ ਨਾਲ ਮੋੜਵਾਂ ਜਵਾਬ ਦਿੱਤਾ ਜਾਵੇਗਾ।