ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 17 ਮਈ
ਕਾਮੇਡੀਅਨ ਭਾਰਤੀ ਸਿੰਘ ਵੱਲੋਂ ਆਪਣੇ ਇੱਕ ਸ਼ੋਅ ਦੌਰਾਨ ਦਾੜ੍ਹੀ-ਮੁੱਛਾਂ ਦਾ ਮਜ਼ਾਕ ਉਡਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਬਾਅਦ ਹੁਣ ਆਦਮਪੁਰ ਵਿੱਚ ਵੀ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਾਰਤੀ ਸਿੰਘ ਨੇ ਇੱਕ ਸ਼ੋਅ ਦੌਰਾਨ ਦਾੜ੍ਹੀ-ਮੁੱਛ ਦਾ ਮਜ਼ਾਕ ਉਡਾਇਆ ਸੀ। ਇਸ ਸਬੰਧੀ ਵੀਡੀਓ ਸਾਹਮਣੇ ਆਉਣ ’ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਹੋਰ ਵੀ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਉਸ ਦਾ ਵਿਰੋਧ ਕਰਦਿਆਂ ਭਾਰਤੀ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸੇ ਤਹਿਤ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ, ਜ਼ਿਲ੍ਹਾ ਪ੍ਰਧਾਨ ਰਵੀ ਚੁੰਬਰ, ਆਦਮਪੁਰ ਪ੍ਰਧਾਨ ਤੰਨੀ ਡਰੋਲੀ ਤੇ ਸਮੂਹ ਮੈਂਬਰਾਂ ਨੇ ਪੁਲੀਸ ਕੋਲ ਭਾਰਤੀ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।