ਦਵਿੰਦਰ ਪਾਲ
ਚੰਡੀਗੜ੍ਹ, 31 ਅਗਸਤ
ਪੰਜਾਬ ਪੁਲ.ੀਸ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ’ਤੇ ਖ਼ਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੰਨੂ ਤੇ ਉਸ ਦੇ ਸਾਥੀਆਂ ਅਤੇ ਸਿੱਖਸ ਫਾਰ ਜਸਟਿਸ (ਐੱਸਐਫਜੇ) ਮੈਂਬਰਾਂ ਖਿਲਾਫ ਗ਼ੈਰਕਾਨੂੰਨੀ ਸਰਗਰਮੀਆਂ (ਰੋਕੂ) ਐਕਟ ਤੇ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮੁਹਾਲੀ ਦੇ ਸਟੇਟ ਸਾਈਬਰ ਕਰਾਈਮ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਪਤਵੰਤ ਪੰਨੂ ਨੂੰ ਹਿੰਸਕ ਦਹਿਸ਼ਤੀ ਕਾਰਵਾਈਆਂ ਨੂੰ ਭੜਕਾਉਣ ਅਤੇ ਸੰਵਿਧਾਨ ਅਨੁਸਾਰ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਦੋਸ਼ੀ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 28 ਅਗਸਤ ਨੂੰ ਪੋਸਟ ਕੀਤੀ ਗਈ ਵੀਡੀਓ ਦੀ ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਉਕਤ ਵੀਡੀਓ ਤੋਂ ਮੁੱਖ ਮੰਤਰੀ ਦੇ ਵਿਰੁੱਧ ਇੱਕ ਅਪਰਾਧਿਕ ਸਾਜ਼ਿਸ਼ ਦਾ ਸਪੱਸ਼ਟ ਤੌਰ ’ਤੇ ਪਤਾ ਚਲਦਾ ਹੈ। ਉਨ੍ਹਾਂ ਕਿਹਾ ਕਿ ਪੂਰੀ ਸਾਜ਼ਿਸ਼ ਤੋਂ ਪਰਦਾ ਚੁੱਕਣ ਲਈ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਐੱਸਐੱਫਜੇ ਨੇ ਜੁਲਾਈ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵਿਰੁੱਧ ਧਮਕੀ ਦਿੱਤੀ ਸੀ। ਧਮਕੀ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਜਥੇਬੰਦੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਆਜ਼ਾਦੀ ਦਿਹਾੜੇ ’ਤੇ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਹਿਮਾਚਲ ਪੁਲੀਸ ਨੇ ਉਦੋਂ ਪੰਨੂ ਖਿਲਾਫ਼ ਕੇਸ ਦਰਜ ਕੀਤਾ ਸੀ। ਪੁਲੀਸ ਮੁਖੀ ਨੇ ਕਿਹਾ ਕਿ ਅਮਰੀਕਾ ਅਧਾਰਿਤ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ ਨੂੰ ਭਾਰਤ ਸਰਕਾਰ ਨੇ ਯੂਏਪੀਏ ਦੀਆਂ ਵੱਖ ਵੱਖ ਧਾਰਾਵਾਂ ਤਹਿਤ 10 ਜੁਲਾਈ 2019 ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ‘ਗੈਰਕਾਨੂੰਨੀ ਜਥੇਬੰਦੀ’ ਐਲਾਨਿਆ ਸੀ। ਉਨ੍ਹਾਂ ਦੱਸਿਆ ਕਿ ਇਸ ਜਥੇਬੰਦੀ ਨੂੰ ਭਾਰਤ ਸੰਘ ਦੇ ਖੇਤਰ ਤੋਂ ਬਾਹਰ, ਖਾਲਿਸਤਾਨ ਨਾਮੀ ਦੇਸ਼ ਬਣਾਉਣ ਲਈ ਸ਼ਾਂਤਮਈ ਮੁਹਿੰਮ ਦੀ ਆੜ ਵਿੱਚ ਪੰਜਾਬ ਅਤੇ ਹੋਰਨਾਂ ਥਾਵਾਂ ’ਤੇ ਦੇਸ਼ ਵਿਰੋਧੀ ਅਤੇ ਵਿਨਾਸ਼ਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਸੀ। ਇਸ ਪਾਬੰਦੀਸ਼ੁਦਾ ਜਥੇਬੰਦੀ ਦੇ ਅਤਿਵਾਦੀ ਸੰਗਠਨਾਂ ਦੇ ਮੈਂਬਰਾਂ ਅਤੇ ਕੱਟੜਪੰਥੀ ਸੰਗਠਨਾਂ ਦੇ ਮੈਂਬਰਾਂ/ਪੰਜਾਬ ਵਿੱਚ ਗੜਬੜੀ ਪੈਦਾ ਕਰਨ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਅਨਸਰਾਂ ਨਾਲ ਨੇੜਲੇ ਸੰਪਰਕ ਸਾਹਮਣੇ ਆਏ ਹਨ।