ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਪਰੈਲ
ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁਖੀ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਭਾਈ ਲਖਬੀਰ ਸਿੰਘ ਰੋਡੇ ਖ਼ਿਲਾਫ਼ ਵੱਡੀ ਗਿਣਤੀ ਵਿੱਚ ਹਥਿਆਰਾਂ ਦੀ ਬਰਾਮਦਗੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਹਥਿਆਰ ਬੀਤੇ ਦਿਨ ਕੱਥੂਨੰਗਲ ਇਲਾਕੇ ਦੀ ਇਕ ਖਾਲੀ ਪਈ ਇਮਾਰਤ ਵਿੱਚੋਂ ਬਰਾਮਦ ਕੀਤੇ ਗਏ ਸਨ। ਪੁਲੀਸ ਨੇ ਰੋਡੇ ਖ਼ਿਲਾਫ਼ ਹਥਿਆਰ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਦਾ ਦੋੋਸ਼ ਲਗਾਇਆ ਹੈ। ਇਸ ਸਬੰਧੀ ਅਸਲਾ ਐਕਟ, ਵਿਸਫੋਟਕ ਸਮੱਗਰੀ ਐਕਟ ਦੀ ਧਾਰਾ 13, 18-ਏ, 18-ਬੀ, 20 ਯੂਏਪੀਏ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਹ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਅਤੇ ਅਤਿਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਯਤਨ ਕਰ ਰਿਹਾ ਹੈ।