ਚੀਫ ਜਸਟਿਸ ਦੇ ਅਕਸ ਨੂੰ ਢਾਹ ਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲਾਂ ਵਿਰੁੱਧ ਕੇਸ ਦਰਜ
ਪੁਲੀਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਜਨਾਂ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ
ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਦੇਸ਼ ਦੇ ਚੀਫ ਜਸਟਿਸ ਦੇ ਅਕਸ ਨੂੰ ਢਾਹ ਲਾਉਣ ਵਾਲੀ ਇਤਰਾਜ਼ਯੋਗ ਸਮੱਗਰੀ ਪਾਉਣ ਵਾਲੇ 100 ਤੋਂ ਵੱਧ ਸੋਸ਼ਲ ਮੀਡੀਆ ਹੈਂਡਲਾਂ ਵਿਰੁੱਧ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਜਨਾਂ ਕੇਸ ਦਰਜ ਕੀਤੇ ਹਨ। ਪੁਲੀਸ ਨੇ ਇਹ ਕੇਸ ਸੋਸ਼ਲ ਮੀਡੀਆ ਰਾਹੀਂ ਹਿੰਸਾ ਭੜਕਾਉਣ, ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਵਿਰੁੱਧ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਕੁਝ ਵਿਅਕਤੀਆਂ ਵੱਲੋਂ 100 ਤੋਂ ਵੱਧ ਸੋਸ਼ਲ ਮੀਡੀਆ ਖਾਤਿਆਂ ’ਤੇ ਉੱਚ ਸੰਵਿਧਾਨਕ ਅਥਾਰਿਟੀ ’ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ’ਤੇ ਜਾਤ ਆਧਾਰਿਤ ਅਪਮਾਨ ਅਤੇ ਭੜਕਾਉਣ ਵਾਲੀ ਸਮੱਗਰੀ, ਜਾਤੀ ਅਤੇ ਫਿਰਕੂ ਭਾਵਨਾਵਾਂ ਨੂੰ ਗੈਰ-ਵਾਜਬ ਢੰਗ ਨਾਲ ਪੇਸ਼ ਕਰ ਕੇ ਅਮਨ-ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਬਾਰੇ ਪੋਸਟਾਂ ਪਾਈਆਂ ਜਾ ਰਹੀਆਂ ਹਨ। ਇਸ ਨਾਲ ਲੋਕਾਂ ਵਿੱਚ ਫਿਰਕੂ ਫੁੱਟ ਪਾਊ, ਜਨਤਕ ਵਿਵਸਥਾ ਨੂੰ ਭੰਗ ਕਰਨਾ ਅਤੇ ਨਿਆਂਇਕ ਸੰਸਥਾਵਾਂ ਦੇ ਸਨਮਾਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਅਜਿਹੀਆਂ ਪੋਸਟਾਂ ਰਾਹੀਂ ਦੇਸ਼ ਦੇ ਚੀਫ ਜਸਟਿਸ ਦੇ ਅਕਸ ਨੂੰ ਢਾਹ ਲਾਉਣ ਵਾਲਿਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਉਕਤ ਸੋਸ਼ਲ ਮੀਡੀਆ ਹੈਂਡਲਾਂ ਨੂੰ ਚਲਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।