ਗੁਰਦੇਵ ਸਿੰਘ ਗਹੂੰਣ
ਬਲਾਚੌਰ, 10 ਅਪਰੈਲ
ਪਿੰਡ ਰੱਤੇਵਾਲ ਦੇ ਵਸਨੀਕ ਅਸ਼ੋਕ ਕੁਮਾਰ, ਕੁਲਵਿੰਦਰ ਕੁਮਾਰ ਅਤੇ ਧਰਮਿੰਦਰ ਕੁਮਾਰ ਨੇ ਕਾਠਗੜ੍ਹ ਪੁਲੀਸ ’ਤੇ ਦੋਸ਼ ਲਗਾਏ ਕਿ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਸੂਚਨਾ ਦੇਣ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਕਾਠਗੜ੍ਹ ਪੁਲੀਸ ਨੂੰ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਸੂਚਨਾ ਦੇਣੀ ਉਨ੍ਹਾਂ ਨੂੰ ਕਾਫੀ ਮਹਿੰਗੀ ਪਈ ਹੈ। ਉਨ੍ਹਾਂ ਕਿਹਾ ਕਿ ਥਾਣਾ ਕਾਠਗੜ੍ਹ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐੱਸਐੱਸਪੀ ਨੂੰ ਸ਼ਿਕਾਇਤ ਕੀਤੀ ਹੈ ਪਰ ਪੁਲੀਸ ਅਸਲ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਖਾਨਾਪੂਰਤੀ ਕਰ ਦਿੰਦੀ ਹੈ। ਕੁਲਵਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਵੀ ਪੁਲੀਸ ਨੂੰ ਮਾਈਨਿੰਗ ਸਬੰਧੀ ਜਾਣਕਾਰੀ ਦਿੱਤੀ ਸੀ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਧਰਮਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਇਸ ਸਬੰਧੀ ਉਨ੍ਹਾਂ ਪੁਲੀਸ ਨੂੰ ਸ਼ਿਕਾਇਤ ਕੀਤੀ ਤਾਂ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਉਸ (ਧਰਮਿੰਦਰ) ਖ਼ਿਲਾਫ਼ ਹੀ ਕੇਸ ਦਰਜ ਕਰ ਦਿੱਤਾ।
ਥਾਣਾ ਮੁਖੀ ਨੇ ਦੋਸ਼ ਨਕਾਰੇ
ਕਾਠਗੜ੍ਹ ਦੇ ਥਾਣਾ ਮੁਖੀ ਇੰਸਪੈਕਟਰ ਭਰਤ ਮਸੀਹ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਥਾਂ ਗੈਰ-ਕਾਨੂੰਨੀ ਮਾਈਨਿੰਗ ਨਹੀਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਥਾਣਾ ਕਾਠਗੜ੍ਹ ਅਧੀਨ 70 ਪਿੰਡ ਆਉਂਦੇ ਹਨ ਅਤੇ ਉਹ ਪੂਰੀ ਇਮਾਨਦਾਰੀ ਨਾਲ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ ਰੱਤੇਵਾਲ ਦੇ ਵਸਨੀਕ ਕੁਲਵਿੰਦਰ ਕੁਮਾਰ ਖ਼ਿਲਾਫ਼ ਸਾਲ 2020 ਵਿੱਚ ਗੈਰ-ਕਾਨੂੰਨੀ ਮਾਈਨਿੰਗ ਦਾ ਕੇਸ ਦਰਜ ਹੋਇਆ ਸੀ, ਜੋ ਅਦਾਲਤ ਵਿੱਚ ਵਿਚਾਰਅਧੀਨ ਹੈ।