ਲਾਪਤਾ ਪਾਵਨ ਸਰੂਪਾਂ ਮੁਤੱਲਕ ਕੇਸ ਦਰਜ
ਅੰਮ੍ਰਿਤਸਰ ਪੁਲੀਸ ਨੇ 2016 ਵਿੱਚ ਲਾਪਤਾ ਹੋਏ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰਨਾਂ ਸਮੇਤ ਕਰੀਬ 16 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੀ ਡਿਵੀਜ਼ਨ ਵਿੱਚ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਨੇ ਇਸ ਕਾਰਵਾਈ ਨੂੰ ਸਿੱਖ ਮਾਮਲਿਆਂ ਵਿੱਚ ਸਰਕਾਰ ਦੀ ਸਿੱਧੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ।
ਸਿੱਖ ਸਦਭਾਵਨਾ ਦਲ ਨੇ ਇਸ ਸਬੰਧੀ ਲੰਮੇ ਸਮੇਂ ਤੋਂ ਹੈਰੀਟੇਜ ਸਟਰੀਟ ’ਤੇ ਪੱਕਾ ਮੋਰਚਾ ਲਾਇਆ ਹੋਇਆ ਸੀ। ਅੱਜ ਇਸ ਧਰਨੇ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਬਾਬਾ ਸਰਬਜੋਤ ਸਿੰਘ ਬੇਦੀ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਲ ਹੋਈਆਂ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਧਰਨੇ ਵਿੱਚ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲਿਆ ਅਤੇ ਇਨਸਾਫ਼ ਦਾ ਭਰੋਸਾ ਦਿੱਤਾ। ਸੂਤਰਾਂ ਮੁਤਾਬਕ ਇਨ੍ਹਾਂ ਆਗੂਆਂ ਦੀ ਹਦਾਇਤ ਤੋਂ ਬਾਅਦ ਹੀ ਪੁਲੀਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਕੇਸ ਦਰਜ ਕੀਤਾ ਹੈ।
ਦਰਜ ਕੀਤੇ ਗਏ ਕੇਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ, ਮਨਜੀਤ ਸਿੰਘ ਅਤੇ ਸਾਬਕਾ ਮੁੱਖ ਸਕੱਤਰ ਮਰਹੂਮ ਹਰਚਰਨ ਸਿੰਘ ਸਮੇਤ 16 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਕੇਸ ਆਈ ਪੀ ਸੀ ਦੀ ਧਾਰਾ 295, 295-ਏ, 409, 465 ਅਤੇ 120-ਬੀ ਤਹਿਤ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ 16 ਲੋਕਾਂ ਦੇ ਨਾਮ ਅਕਾਲ ਤਖ਼ਤ ਦੇ ਤਤਕਾਲੀ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਰਵਾਈ ਗਈ ਜਾਂਚ ਰਿਪੋਰਟ ਵਿੱਚ ਸਾਹਮਣੇ ਆਏ ਸਨ। ਜਾਂਚ ਕਮੇਟੀ ਨੇ ਇਨ੍ਹਾਂ ਨੂੰ ਲਾਪਤਾ ਸਰੂਪਾਂ ਲਈ ਜ਼ਿੰਮੇਵਾਰ ਠਹਿਰਾਇਆ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਖਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਸੀ। ਸਿੱਖ ਸਦਭਾਵਨਾ ਦਲ ਅਤੇ ਭਾਈ ਬਲਦੇਵ ਸਿੰਘ ਵਡਾਲਾ ਲੰਮੇ ਸਮੇਂ ਤੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕਰ ਰਹੇ ਸਨ। ਉੱਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲੀਸ ਅਤੇ ਸਰਕਾਰ ਦੀ ਇਸ ਕਾਰਵਾਈ ’ਤੇ ਸਖਤ ਇਤਰਾਜ਼ ਜਤਾਇਆ ਹੈ। ਕਮੇਟੀ ਨੇ ਇਸ ਨੂੰ ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦੀ ਸਿੱਧੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ।
