ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 24 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਅਪਰਾਧੀਆਂ ਦੇ ਹੁਕਮਾਂ ਦੀ ਕਥਿਤ ਤੌਰ ’ਤੇ ਪਾਲਣਾ ਕਰਨ ਲਈ ਡੀਜੀਪੀ ਸਿਧਾਰਥ ਚਟੋਪਾਧਿਆਏ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਅੱਜ ਇੱਥੇ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਦੇ ਹੱਕ ਪਿੰਡ ਬੜੀ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਡੀਆ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਡੀਜੀਪੀ ਬਾਰੇ ਮਾਮਲੇ ਨੂੰ ਬੇਨਕਾਬ ਕਰ ਕੇ ਸਚਾਈ ਸਾਹਮਣੇ ਲਿਆਂਦੀ ਗਈ ਹੈ।
ਉਨ੍ਹਾਂ ਕਿਹਾ ਕਿ ਟੇਪਾਂ ਸਾਹਮਣੇ ਆ ਗਈਆਂ ਹਨ ਜਿਨ੍ਹਾਂ ਤੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਉੱਚ ਪੁਲੀਸ ਅਧਿਕਾਰੀ ਨੇ ਜਗਦੀਸ਼ ਭੋਲਾ ਨਸ਼ਾ ਕੇਸ ਦੇ ਕਥਿਤ ਮੁਲਜ਼ਮ ਨਾਲ ਗੱਲ ਕੀਤੀ ਅਤੇ ਇਕ ਅਪਰਾਧੀ ਨੇ ਪੁਲੀਸ ਅਧਿਕਾਰੀ ਨੂੰ ਕੁਝ ਪੁਲੀਸ ਅਫ਼ਸਰਾਂ ਦੀ ਬਦਲੀ ਕਰਨ, ਕੁਝ ਕੈਦੀਆਂ ਨੂੰ ਇਕ ਜੇਲ੍ਹ ਤੋਂ ਦੂਜੀ ਜੇਲ੍ਹ ਵਿੱਚ ਤਬਦੀਲ ਕਰਨ ਤੇ ਮੁਹਾਲੀ ਵਿੱਚ ਗੈਰਕਾਨੂੰਨੀ ਹਿਰਾਸਤੀ ਕੇਂਦਰ ਖੋਲ੍ਹਣ ਦੀ ਹਦਾਇਤ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਜਨਤਕ ਹੋਈਆਂ ਰਿਕਾਰਡਿੰਗਜ਼ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਅਧਿਕਾਰੀਆਂ ਅਤੇ ਰਾਜਸੀ ਆਗੂਆਂ ਖ਼ਿਲਾਫ਼ ਕੇਸ ਦਰਜ ਹੋਵੇ। ਸ੍ਰੀ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਦੱਸਣ ਕਿ ਉਨ੍ਹਾਂ ਅਜਿਹੇ ਅਫ਼ਸਰ ਨੂੰ ਸੂਬਾ ਪੁਲੀਸ ਦੀ ਅਗਵਾਈ ਕਰਨ ਦੀ ਆਗਿਆ ਕਿਉਂ ਦਿੱਤੀ ਅਤੇ ਹੁਣ ਵੀ ਸਿੱਧੂ ਚਟੋਪਾਧਿਆਏ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਚੁੱਪ ਹਨ।
ਚੰਨੀ ’ਤੇ ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਕਰਵਾਉਣ ਦੇ ਦੋਸ਼
ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਆਸੀ ਦੁਸ਼ਮਣੀ ਕੱਢਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਝੂਠਾ ਪਰਚਾ ਦਰਜ ਕਰਵਾਇਆ ਸੀ ਅਤੇ ਇਹ ਕੇਸ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਚਾਈ ਇਹ ਹੈ ਕਿ ਮਜੀਠੀਆ ਖ਼ਿਲਾਫ਼ ਕੋਈ ਵੀ ਪੁਲੀਸ ਅਧਿਕਾਰੀ ਪਰਚਾ ਦਰਜ ਕਰਨ ਲਈ ਤਿਆਰ ਨਹੀਂ ਸੀ। ਇਸ ਲਈ ਚੰਨੀ ਨੇ ਚਟੋਪਾਧਿਆਏ ਨੂੰ ਡੀਜੀਪੀ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਜੋ ਅਣਗਹਿਲੀ ਹੋਈ, ਉਹ ਵੀ ਡੀਜੀਪੀ ਚਟੋਪਾਧਿਆਏ ਕਾਰਨ ਹੋਈ ਹੈ।