ਮੁੱਖ ਅੰਸ਼
- ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਚੰਡੀਗੜ੍ਹ ਪੁਲੀਸ ਦੀ ਕਾਰਗੁਜ਼ਾਰੀ ਦੀ ਨਿਖੇਧੀ
- ਆਗੂਆਂ ਵੱਲੋਂ ਕੇਸਾਂ ਦੀ ਪੈਰਵੀ ਕਰਨ ਦਾ ਭਰੋਸਾ
ਆਤਿਸ਼ ਗੁਪਤਾ
ਚੰਡੀਗੜ੍ਹ, 27 ਜੂਨ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸ਼ਨਿੱਚਰਵਾਰ ਨੂੰ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮੌਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਪੁਲੀਸ ਦੀਆਂ ਰੋਕਾਂ ਤੋੜ ਕੇ ਸ਼ਹਿਰ ਵਿੱਚ ਦਾਖਲ ਹੋਣ ਸਬੰਧੀ ਚੰਡੀਗੜ੍ਹ ਪੁਲੀਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਪੰਜਾਬੀ ਗਾਇਕ ਜੱਸ ਬਾਜਵਾ, ਸੋਨੀਆ ਮਾਨ ਸਣੇ ਦਰਜਨਾਂ ਕਿਸਾਨ ਆਗੂਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ 5 ਕੇਸ ਦਰਜ ਕੀਤੇ ਹਨ। ਪੁਲੀਸ ਮੁਤਾਬਕ ਕਿਸਾਨ ਜਥੇਬੰਦੀਆਂ ਦੇ ਆਗੂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਪੁਲੀਸ ਦੇ ਬੈਰੀਕੇਡ ਤੋੜ ਕੇ ਸ਼ਹਿਰ ਵਿੱਚ ਦਾਖਲ ਹੋਏ। ਪੁਲੀਸ ਨਾਲ ਖਿੱਚ-ਧੂਹ ਕਰਦਿਆਂ ਸਰਕਾਰੀ ਡਿਊਟੀ ਵਿੱਚ ਰੁਕਾਵਟ ਪੈਦਾ ਕੀਤੀ। ਕਿਸਾਨ ਆਗੂਆਂ ਖ਼ਿਲਾਫ਼ ਸੈਕਟਰ-36 ਤੇ 17 ਦੇ ਥਾਣਿਆਂ ਵਿੱਚ ਦੋ-ਦੋ ਅਤੇ ਇਕ ਕੇਸ ਸੈਕਟਰ-3 ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਉਧਰ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਪੁਲੀਸ ਦੀ ਕਿਸਾਨ ਵਿਰੋਧੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਕੇਸ ਵਾਪਸ ਨਾ ਲੈਣ ਦੀ ਸੂਰਤ ’ਚ ਮੋਰਚੇ ਵੱਲੋਂ ਕੇਸਾਂ ਦੀ ਪੈਰਵੀ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-17 ਥਾਣੇ ਦੀ ਪੁਲੀਸ ਨੇ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਲਖਵੀਰ ਸਿੰਘ (ਲੱਖਾ ਸਿਧਾਣਾ) ਅਤੇ ਹੋਰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 147, 148, 149, 186, 188, 332, 353 ਤਹਿਤ ਕੇਸ ਦਰਜ ਕੀਤਾ ਹੈ। ਇਸੇ ਥਾਣੇ ਦੀ ਪੁਲੀਸ ਨੇ ਪੰਜਾਬੀ ਗਾਇਕ ਜੱਸ ਬਾਜਵਾ ਅਤੇ ਸੋਨੀਆ ਮਾਨ ਅਤੇ ਹੋਰਨਾਂ ਵਿਰੁੱਧ ਵੱਖਰਾ ਕੇਸ ਦਰਜ ਕੀਤਾ। ਥਾਣਾ ਸੈਕਟਰ-36 ਦੀ ਪੁਲੀਸ ਨੇ ਕਾਕਾ ਸਿੰਘ, ਸਤਨਾਮ ਸਿੰਘ ਅਜਨਾਲਾ, ਮੇਜਰ ਸਿੰਘ ਰੰਧਾਵਾ, ਅਵਤਾਰ ਸਿੰਘ, ਕਮਲਜੀਤ ਸਿੰਘ, ਬਲਦੇਵ ਸਿੰਘ ਸਿਰਸਾ ਅਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਹੈ। ਜਦਕਿ ਬਲਜੀਤ ਸਿੰਘ, ਪ੍ਰੇਮ ਸਿੰਘ, ਕਾਕਾ ਸਿੰਘ, ਸੁਰੇਸ਼ ਚੰਦਰ, ਬਲਵਿੰਦਰ ਸਿੰਘ, ਹਰਮੀਤ ਸਿੰਘ ਅਤੇ ਹੋਰਨਾਂ ਵਿਰੁੱਧ ਵੱਖਰਾ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਸੈਕਟਰ-3 ਥਾਣੇ ਦੀ ਪੁਲੀਸ ਨੇ ਸੰਯੁਕਤ ਕਿਸਾਨ ਮੋਰਚਾ ਆਗੂ ਬਲਦੇਵ ਸਿੰਘ ਸਿਰਸਾ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਲੰਘੇ ਦਿਨ ਕਿਸਾਨ ਆਗੂ ਸੈਕਟਰ-51/52 ਵਾਲੀ ਸੜਕ (ਮਟੌਰ ਬੈਰੀਅਰ) ’ਤੇ ਪੁਲੀਸ ਦੇ ਬੈਰੀਕੇਡ ਤੋੜ ਕੇ ਸ਼ਹਿਰ ਵਿੱਚ ਦਾਖਲ ਹੋਏ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਪੁਲੀਸ ਨਾਲ ਖਿੱਚ-ਧੂਹ ਕਰਦੇ ਹੋਏ ਅੱਗੇ ਵਧਦੇ ਗਏ। ਥਾਣਾ ਸੈਕਟਰ-3 ਵਿੱਚ ਦਰਜ ਕੇਸ ’ਚ ਪੁਲੀਸ ਦਾ ਕਹਿਣਾ ਹੈ ਕਿ ਸੈਕਟਰ-8/9 ਵਾਲੀ ਸੜਕ ’ਤੇ ਕੁਝ ਨੌਜਵਾਨ ਨੰਗੀਆਂ ਤਲਵਾਰਾਂ ਅਤੇ ਡੰਡੇ ਲੈ ਕੇ ਅੱਗੇ ਵਧਦੇ ਗਏ। ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਾ ਰੁਕੇ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰੁਲਦੂ ਸਿੰਘ ਮਾਨਸਾ ਨੇ 26 ਜੂਨ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਕਰਨਾ ਹਰੇਕ ਇਨਸਾਨ ਦਾ ਸੰਵਿਧਾਨਕ ਹੱਕ ਹੈ। ਉਸੇ ਅਧੀਨ ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ 7 ਮਹੀਨੇ ਮੁਕੰਮਲ ਹੋਣ ’ਤੇ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮਨਾਉਂਦੇ ਹੋਏ ਰਾਜ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਸਨ। ਇਸ ਦੌਰਾਨ ਕਿਸਾਨਾਂ ਨੇ ਕੋਈ ਧੱਕੇਸ਼ਾਹੀ ਨਹੀਂ ਕੀਤੀ ਬਲਕਿ ਰਾਜ ਭਵਨ ਤੋਂ ਕੁਝ ਦੂਰੀ ’ਤੇ ਹੀ ਰੁਕ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਮ ਰੋਸ ਪੱਤਰ ਭੇਜਿਆ ਹੈ। ਉਸ ਦੇ ਬਾਵਜੂਦ ਚੰਡੀਗੜ੍ਹ ਪੁਲੀਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ 5 ਕੇਸ ਦਰਜ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਉਕਤ ਕੇਸ ਵਾਪਸ ਲਏ ਜਾਣ ਨਹੀਂ ਤਾਂ ਸੰਯੁਕਤ ਕਿਸਾਨ ਮੋਰਚਾ ਇਨ੍ਹਾਂ ਕੇਸਾਂ ਦੀ ਪੈਰਵੀ ਕਰੇਗਾ।
ਜੱਸ ਬਾਜਵਾ ਤੇ ਸੋਨੀਆ ਮਾਨ ਨੇ ਪੁਲੀਸ ਕਾਰਵਾਈ ’ਤੇ ਉਜਰ ਜਤਾਇਆ
ਪੰਜਾਬੀ ਗਾਇਕ ਜੱਸ ਬਾਜਵਾ ਅਤੇ ਸੋਨੀਆ ਮਾਨ ਨੇ ਚੰਡੀਗੜ੍ਹ ਪੁਲੀਸ ਵੱਲੋਂ ਥਾਣਾ ਸੈਕਟਰ-17 ’ਚ ਦਰਜ ਕੀਤੇ ਕੇਸਾਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ 26 ਜੂਨ ਨੂੰ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮੌਕੇ ਉਹ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਸੀ। ਉਹ ਦਿਨ ਭਰ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚੜੂਨੀ ਤੇ ਯੋਗੇਂਦਰ ਯਾਦਵ ਨਾਲ ਰੋਸ ਮਾਰਚ ਵਿੱਚ ਸ਼ਾਮਲ ਰਹੇ। ਉਨ੍ਹਾਂ ਕਿਹਾ ਕਿ ਉਹ 26 ਜੂਨ ਨੂੰ ਚੰਡੀਗੜ੍ਹ ਵਿੱਚ ਦਾਖਲ ਹੀ ਨਹੀਂ ਹੋਏ, ਫਿਰ ਸੈਕਟਰ-17 ਥਾਣੇ ਵਿੱਚ ਉਨ੍ਹਾਂ ਖਿਲਾਫ਼ ਕੇਸ ਕਿਵੇਂ ਦਰਜ ਹੋ ਗਿਆ। ਜੱਸ ਬਾਜਵਾ ਨੇ ਕਿਹਾ ਕਿ ਪੁਲੀਸ ਉਨ੍ਹਾਂ ਦੇ ਚੰਡੀਗੜ੍ਹ ਵਿੱਚ ਦਾਖ਼ਲੇ ਸਬੰਧੀ ਸਬੂਤ ਦਿਖਾਏ ਤਾਂ ਉਹ ਖ਼ੁਦ ਪੁਲੀਸ ਅੱਗੇ ਪੇਸ਼ ਹੋ ਜਾਣਗੇ। ਉਧਰ ਸੋਨੀਆ ਮਾਨ ਨੇ ਕਿਹਾ ਕਿ ਚੰਡੀਗੜ੍ਹ ਪੁਲੀਸ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਝੂਠੇ ਪੁਲੀਸ ਕੇਸ ਦਰਜ ਕਰਕੇ ਕਿਸਾਨ ਹਮਾਇਤੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਹ ਝੂਠੇ ਕੇਸਾਂ ਤੋਂ ਦਬਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ, ਉਹ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਰਹੇਗੀ।