ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ ):
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਸਰਕਾਰੀ ਤਾਕਤ ਦੀ ਵਰਤੋਂ ਦਾ ਮੁੱਢ ਬੰਨ੍ਹਣ ਦੇ ਦੋਸ਼ ਲਾਏ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਸਿਹਤ ਵਿਭਾਗ ਦਿੱਲੀ ਰਾਹੀਂ ਇਕ ਹਜ਼ਾਰ ਕਿਸਾਨਾਂ ਖ਼ਿਲਾਫ਼ ਐੱਫਆਈਆਰ ਦਰਜ ਕਰਵਾ ਕੇ ਸਿੰਘੂ ਹੱਦ ’ਤੇ ਸ਼ਾਂਤੀਪੂਰਨ ਰੋਸ ਪ੍ਰਗਟਾ ਰਹੇ ਕਿਸਾਨਾਂ ਖ਼ਿਲਾਫ਼ ਤਾਕਤ ਦੀ ਵਰਤੋਂ ਦਾ ਆਧਾਰ ਤਿਆਰ ਕੀਤਾ ਹੈ। ਉਨ੍ਹਾਂ ਇੱਕ ਬਿਆਨ ਰਾਹੀਂ ਕਿਹਾ ਕਿ ਇਸ ਸ਼ਰਮਨਾਕ ਕਾਰਵਾਈ ਨੇ ਸਾਬਤ ਕਰ ਦਿੱਤਾ ਕਿ ਕੇਜਰੀਵਾਲ ਕੇਂਦਰ ਦੀ ਕਠਪੁਤਲੀ ਹਨ ਜੋ ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਹੀ ਕੰਮ ਕਰਦੇ ਹਨ। ਇਸ ਦੌਰਾਨ ਸ੍ਰੀ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਦਿੱਲੀ ਦੀਆਂ ਹੱਦਾਂ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਕੋਲ ਜਾਣ ਦਾ ਡਰਾਮਾ ਕਰਨ ਮਗਰੋਂ ਇਕ ਹੋਰ ਕਿਸਾਨ ਵਿਰੋਧੀ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਕਿਸਮ ਦੀ ਅਨੈਤਿਕ ਅਤੇ ਮਾੜੀ ਸਿਆਸਤ ਦੀ ਨਿਖੇਧੀ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ‘ਆਪ’ ਦੇ ਕਨਵੀਨਰ ਨੇ ਧੋਖੇਬਾਜ਼ੀ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਹੁਣ ਵੀ ‘ਆਪ’ ਦੀਆਂ ਦਿੱਲੀ ਅਤੇ ਪੰਜਾਬ ਇਕਾਈਆਂ ਕਿਸਾਨਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੀਆਂ ਹਨ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਦਿੱਲੀ ਸਰਕਾਰ ਨਾ ਸਿਰਫ ਖੇਤੀ ਕਾਨੂੰਨਾਂ ਦਾ ਨੋਟੀਫਿਕੇਸ਼ਨ ਰੱਦ ਕਰੇ ਬਲਕਿ ਦਿੱਲੀ ਦੇ ਸਿਹਤ ਵਿਭਾਗ ਨੂੰ ਕਿਸਾਨਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਵਾਪਸ ਲੈਣ ਦੀ ਹਦਾਇਤਾਂ ਦੇਵੇ।