ਨਕਦੀ ਮਾਮਲਾ: ਵਿਧਾਇਕ ਨੇ ਵਿਜੀਲੈਂਸ ਵਿਰੁੱਧ ਮੋਰਚਾ ਖੋਲ੍ਹਿਆ
ਸੰਤੋਖ ਗਿੱਲ
ਰਾਏਕੋਟ, 4 ਜੁਲਾਈ
ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਵਿਜੀਲੈਂਸ ਵਿਭਾਗ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਰਾਏਕੋਟ ਐੱਸਡੀਐੱਮ ਦਫ਼ਤਰ ਵਿੱਚੋਂ 24 ਲੱਖ ਰੁਪਏ ਤੋਂ ਵੱਧ ਦੀ ਨਕਦੀ ਮਿਲਣ ਦੇ ਮਾਮਲੇ ਵਿੱਚ ਤਿੰਨ ਹਫ਼ਤਿਆਂ ਬਾਅਦ ਵੀ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਦੀ ਗ੍ਰਿਫ਼ਤਾਰ ਨਾ ਹੋਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਐੱਸਡੀਐੱਮ ਕੋਹਲੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਦੇਰੀ ਲਈ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਦੀ ਨੀਤੀ ਵਿਰੁੱਧ ਕੰਮ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜ਼ਿਕਰਯੋਗ ਹੈ ਕਿ 12 ਜੂਨ ਨੂੰ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਦੇ ਸਟੈਨੋ ਜਤਿੰਦਰ ਸਿੰਘ ਨੀਟਾ ਨੂੰ ਵਿਜੀਲੈਂਸ ਵਿਭਾਗ ਦੇ ਉਪ ਪੁਲੀਸ ਕਪਤਾਨ ਸ਼ਿਵ ਚੰਦ ਦੀ ਅਗਵਾਈ ਵਾਲੀ ਟੀਮ ਨੇ ਦਫ਼ਤਰ ਦੀ ਅਲਮਾਰੀ ਵਿੱਚ ਰੱਖੇ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਹ ਪੈਸਾ ਰਿਸ਼ਵਤ ਦਾ ਦੱਸਿਆ ਜਾ ਰਿਹਾ ਹੈ। ਜਾਂਚ ਦੌਰਾਨ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਬੱਗੀ ਵਾਸੀ ਝੋਰੜਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਉਸ ਨੇ ਐੱਸਡੀਐੱਮ ਕੋਹਲੀ ਦੀ ਅਦਾਲਤ ਵਿੱਚ ਚੱਲ ਰਹੇ ਜ਼ਮੀਨੀ ਕੇਸ ਦਾ ਫ਼ੈਸਲਾ ਆਪਣੇ ਹੱਕ ਵਿੱਚ ਕਰਵਾਉਣ ਲਈ ਸਟੈਨੋ ਰਾਹੀਂ ਕਥਿਤ ਰਿਸ਼ਵਤ ਦਿੱਤੀ ਸੀ। ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਰਮੇਸ਼ ਜੈਨ ਨੇ ਐੱਸਡੀਐੱਮ ਕੋਹਲੀ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਸਿੱਧੇ ਤੌਰ ’ਤੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ’ਤੇ ਦੋਸ਼ ਲਾਏ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਵਿਸ਼ੇਸ਼ ਮਿਸ਼ਨ ’ਤੇ ਕੰਮ ਕਰ ਰਹੀ ਹੈ, ਪਰ ਵਿਜੀਲੈਂਸ ਵਿਭਾਗ ਦੇ ਕੁਝ ਅਧਿਕਾਰੀ ਐੱਸਡੀਐੱਮ ਕੋਹਲੀ ਨਾਲ ਮਿਲੀਭੁਗਤ ਕਰ ਕੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਬਿੰਦਰਜੀਤ ਸਿੰਘ, ਪਾਰਟੀ ਦੇ ਜ਼ਿਲ੍ਹਾ ਸੰਯੁਕਤ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ, ਸਰਪੰਚ ਜਸਵੀਰ ਸਿੰਘ ਅੱਬੂਵਾਲ, ਸਾਬਕਾ ਸਰਪੰਚ ਚਰਨਜੀਤ ਸਿੰਘ ਪੱਖੋਵਾਲ, ਰਾਜਦੀਪ ਸਿੰਘ ਆਂਡਲੂ ਅਤੇ ਗੁਰਪ੍ਰੀਤ ਸਿੰਘ ਪੱਪੂ ਵੀ ਮੌਜੂਦ ਸਨ।