ਐੱਸ ਡੀ ਐੱਮ ਦਫ਼ਤਰ ’ਚ ਨਗਦੀ: ਹਾਈ ਕੋਰਟ ਨੇ ਸਰਕਾਰ ਕੋਲੋਂ ਜਵਾਬ ਮੰਗਿਆ
ਰਾਏਕੋਟ ਦੇ ਐੱਸ ਡੀ ਐੱਮ ਦਫ਼ਤਰ ਦੀ ਅਲਮਾਰੀ ਵਿੱਚੋਂ 12 ਜੂਨ ਨੂੰ 24.6 ਲੱਖ ਰੁਪਏ ਦੀ ਨਗਦੀ ਮਿਲਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਉੱਪਰ ਉਸ ਸਮੇਂ ਸਵਾਲਾਂ ’ਚ ਘਿਰ ਗਈ ਜਦੋਂ ਸੱਤਾਧਾਰੀ ਧਿਰ ਦੇ ਵਿਧਾਇਕ ਦੇ ਨਿੱਜੀ ਸਹਾਇਕ ਕਰਮਜੀਤ ਸਿੰਘ ਉਰਫ਼ ਕਮਲ ਸੁਖਾਣਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਕਾਰਗੁਜ਼ਾਰੀ ਉੱਪਰ ਸਵਾਲ ਖੜ੍ਹੇ ਕਰਦਿਆਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਕਰਮਜੀਤ ਸਿੰਘ ਉਰਫ਼ ਕਮਲ ਸੁਖਾਣਾ ਵੱਲੋਂ ਦਾਇਰ ਪਟੀਸ਼ਨ ਉੱਪਰ ਮੁੱਢਲੀ ਸੁਣਵਾਈ ਤੋਂ ਬਾਅਦ ਜਸਟਿਸ ਸੁਵੀਰ ਸਹਿਗਲ ਦੀ ਅਦਾਲਤ ਨੇ 27 ਅਕਤੂਬਰ ਨੂੰ ਮਾਮਲੇ ਬਾਰੇ ਸਟੇਟਸ ਰਿਪੋਰਟ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਉੱਧਰ, ਲੁਧਿਆਣਾ ਸਥਿਤ ਵਿਸ਼ੇਸ਼ ਅਦਾਲਤ ਦੇ ਜੱਜ ਅਮਰਿੰਦਰ ਸਿੰਘ ਸ਼ੇਰਗਿੱਲ ਦੀ ਅਦਾਲਤ ਨੇ ਵੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਐੱਸ ਡੀ ਐੱਮ ਗੁਰਬੀਰ ਸਿੰਘ ਕੋਹਲੀ ਦੇ ਸਟੈਨੋ ਜਤਿੰਦਰ ਸਿੰਘ ਉਰਫ਼ ਨੀਟਾ ਵਾਸੀ ਨੂਰਪੁਰਾ ਦੀ ਅਰਜ਼ੀ ਉੱਪਰ ਵੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਟੈਨੋ ਜਤਿੰਦਰ ਸਿੰਘ ਨੀਟਾ ਨੇ 25 ਜੁਲਾਈ ਨੂੰ ਦਾਇਰ ਅਰਜ਼ੀ ਵਿੱਚ ਅਦਾਲਤ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣ ਦੀ ਆਗਿਆ ਮੰਗੀ ਸੀ। ਇਸ ਬਾਰੇ ਟਾਲ-ਮਟੋਲ ਤੋਂ ਬਾਅਦ ਆਖ਼ਰ ਹੁਣ ਜਾ ਕੇ ਵਿਜੀਲੈਂਸ ਅਧਿਕਾਰੀਆਂ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਵਿਸ਼ੇਸ਼ ਅਦਾਲਤ ਨੇ ਹੁਣ 20 ਅਕਤੂਬਰ ਨੂੰ ਇਸ ਬਾਰੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਲਈ ਸੁਣਵਾਈ ਨਿਸ਼ਚਿਤ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਮੁਕੰਮਲ ਕਰਨ ਤੋਂ ਬਾਅਦ ਜਾਂਚ ਅਧਿਕਾਰੀਆਂ ਨੇ 11 ਅਗਸਤ ਨੂੰ ਆਪਣੀ ਰਿਪੋਰਟ ਅਦਾਲਤ ਵਿੱਚ ਦਾਖ਼ਲ ਕਰ ਦਿੱਤੀ ਹੈ ਪਰ ਹਾਲੇ ਤੱਕ ਸਮਰੱਥ ਅਥਾਰਿਟੀ ਵੱਲੋਂ ਸਟੈਨੋ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਹੀ ਨਹੀਂ ਦਿੱਤੀ ਗਈ ਹੈ।
ਮੁਲਜ਼ਮ ਨੀਟਾ ਨੂੰ ਪਿਤਾ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਹੋਣ ਦੀ ਇਜਾਜ਼ਤ
ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਸਟੈਨੋ ਜਤਿੰਦਰ ਸਿੰਘ ਨੀਟਾ ਦੀ ਵੱਖਰੀ ਦਰਖ਼ਾਸਤ ਉੱਪਰ ਜੱਜ ਅਮਰਿੰਦਰ ਸਿੰਘ ਸ਼ੇਰਗਿੱਲ ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮੁਲਜ਼ਮ ਦੇ ਪਿਤਾ ਸੋਹਣ ਸਿੰਘ ਗਰੇਵਾਲ ਦੀ ਮੌਤ ਹੋਣ ਕਾਰਨ ਭਲਕੇ ਦੁਪਹਿਰ 11 ਤੋਂ ਸ਼ਾਮ 4 ਵਜੇ ਤੱਕ ਪਿਤਾ ਦੀਆਂ ਅੰਤਿਮ ਰਸਮਾਂ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਲੁਧਿਆਣਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਉੱਚਿਤ ਪ੍ਰਬੰਧ ਕਰਨ ਲਈ ਆਦੇਸ਼ ਜਾਰੀ ਕੀਤੇ ਹਨ।