ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਈ
ਸੀਬੀਆਈ ਦੀ ਟੀਮ ਨੇ ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਸੀਨੀਅਰ ਅਸਿਸਟੈਂਟ ਸ਼ਮਸ਼ੇਰ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਟੀਮ ਨੇ ਮੁਲਜ਼ਮ ਤੋਂ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਮਨੀਮਾਜਰਾ ਦੇ ਮਾਡਰਨ ਹਾਊਸਿੰਗ ਕੰਪਲੈਕਸ ਦੇ ਵਸਨੀਕ ਤੋਂ ਰੈਜ਼ੀਡੈਂਸ਼ੀਅਲ ਯੂਨਿਟ ਦੇ ਟਰਾਂਸਫਰ ਕਰਨ ਦੇ ਨਾਮ ’ਤੇ ਰਿਸ਼ਵਤ ਮੰਗੀ ਸੀ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਸੀਬੀਆਈ ਦੀ ਟੀਮ ਨੇ ਮੁਲਜ਼ਮ ਨੂੰ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਦਫ਼ਤਰ ਵਿੱਚੋਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਦੀ ਟੀਮ ਕੱਲ੍ਹ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰੇਗੀ। ਦੂਜੇ ਪਾਸੇ ਟੀਮ ਨੇ ਚੰਡੀਗੜ੍ਹ ਹਾਊਸਿੰਗ ਬੋਰਡ ਦੀਆਂ ਫਾਈਲਾਂ ਅਤੇ ਦਫ਼ਤਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ।
ਹਾਊਸਿੰਗ ਬੋਰਡ ਦੇ ਸੀਈਓ ਯਸ਼ਪਾਲ ਗਰਗ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਰਿਸ਼ਵਤ ਦੀ ਮੰਗ ਕਰਨ ਵਾਲੇ ਜਾਂ ਵਿਭਾਗ ਦੇ ਕੰਮ ਨੂੰ ਲਟਕਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਈਓ ਨੇ ਦੱਸਿਆ ਕਿ ਇਸ ਤੋਂ ਪਹਿਲਾਂ 31 ਮਾਰਚ 2022 ਨੂੰ ਇਕ ਸ਼ਿਕਾਇਤ ਮਿਲੀ ਸੀ। ਇਸ ਸ਼ਿਕਾਇਤ ਵਿੱਚ ਕੁਝ ਫਾਈਲਾਂ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਸੀ, ਜਦੋਂਕਿ ਵਿਭਾਗ ਦਾ ਸਾਰਾ ਕੰਮ ਆਨਲਾਈਨ ਹੋਣ ਕਰਕੇ ਸਮੇਂ ਸਿਰ ਪੂਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਕਰਵਾਈ ਤਾਂ ਕੋਈ ਠੋਸ ਜਵਾਬ ਨਾ ਮਿਲਿਆ। ਉਸ ਤੋਂ ਬਾਅਦ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਸ਼ਮਸ਼ੇਰ ਸਿੰਘ ਦਾ ਨਾਮ ਵੀ ਸ਼ਾਮਲ ਸੀ।