ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਜਨਵਰੀ
ਸੀਬੀਆਈ ਨੇ ਪੰਜਾਬ ਦੇ ਆਈਏਐੱਸ ਅਧਿਕਾਰੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਰੋਡਵੇਜ਼, ਚੰਡੀਗੜ੍ਹ ’ਚ ਬਤੌਰ ਡਾਇਰੈਕਟਰ ਤਾਇਨਾਤ ਹੈ। ਆਈਏਐੱਸ ਅਧਿਕਾਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਨੇ ਚੰਡੀਗੜ੍ਹ ਤੇ ਮੁਹਾਲੀ ਸਥਿਤ ਟਿਕਾਣਿਆਂ ’ਤੇ ਛਾਪੇ ਮਾਰ ਕੇ ਲਗਪਗ 30 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਪੰਜਾਬ ਰੋਡਵੇਜ਼ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ਮਗਰੋਂ ਕੀਤੀ ਗਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਨੇ ਉਸ ਦੀ ਤਰੱਕੀ ਲਈ 5 ਲੱਖ ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਸੀਬੀਆਈ ਨੇ ਟਰੈਪ ਲਗਾ ਕੇ ਮੁਲਜ਼ਮ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।