ਸੀ ਬੀ ਆਈ ਜਾਂਚ: ਵਿਰੋਧੀਆਂ ਨੇ ‘ਆਪ’ ਨੂੰ ਘੇਰਿਆ
ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ; ਨਿਆਂ ਦੀ ਚੱਕੀ ਚੱਲ ਪੲੀ: ਜਾਖਡ਼
ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬੇ ਵਿੱਚ ਸਰਕਾਰੀ ਬਦਲੀਆਂ ਵਿੱਚ ਕਥਿਤ ਤੌਰ ’ਤੇ ਲੈਣ-ਦੇਣ ਦੇ ਦੋਸ਼ਾਂ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ ਮਗਰੋਂ ਸਿਆਸਤ ਭਖ਼ ਗਈ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਭ੍ਰਿਸ਼ਟਾਚਾਰ ਵਿਰੋਧੀ ਅਤੇ ਇਮਾਨਦਾਰੀ ਦੇ ਦਾਅਵੇ ਕਰਨ ਵਾਲੀ ‘ਆਪ’ ਖ਼ਿਲਾਫ਼ ਲੰਮੇ ਸਮੇਂ ਮਗਰੋਂ ਸਿਆਸੀ ਮੁੱਦਾ ਹੱਥ ਲੱਗਿਆ ਹੈ। ਭਾਵੇਂ ਹਾਕਮ ਧਿਰ ‘ਆਪ’ ਦੇ ਆਗੂਆਂ ਵੱਲੋਂ ਇਸ ਨੂੰ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਜਾ ਰਿਹਾ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੀ ਪੋਲ ਖੋਲ੍ਹ ਦਿੱਤੀ ਹੈ। ਭ੍ਰਿਸ਼ਟਤੰਤਰ ਦੇ ਬੇਨਾਕਬ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ, ‘ਤੁਸੀਂ ਭੱਜ ਸਕਦੇ ਹੋ ਪਰ ਬਚ ਨਹੀਂ ਸਕਦੇ, ਕਾਨੂੰਨ ਇਕ ਦਿਨ ਤੁਹਾਨੂੰ ਫੜ ਲਵੇਗਾ।’ ਪੰਜਾਬ ਨੂੰ ਲੁੱਟਣ ਵਾਲਿਆਂ ਦੇ ਹਿਸਾਬ ਲਈ ਨਿਆਂ ਦੀ ਚੱਕੀ ਚੱਲ ਪਈ ਹੈ। ਹੁਣ ਪੰਜਾਬ ਦੇ ਇੱਕ-ਇੱਕ ਪੈਸੇ ਦਾ ਹਿਸਾਬ ਹੋਵੇਗਾ।
ਪਰਗਟ ਸਿੰਘ ਨੇ ਅਫਸਰਾਂ ਨੂੰ ਚਿਤਾਵਨੀ ਦਿੱਤੀ
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਦੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਦੀ ਬੇੜੀ ਡੁੱਬ ਰਹੀ ਹੈ। ਅਫਸਰ ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜਣ, ਸਗੋਂ ਲੋਕਤੰਤਰ ਅਤੇ ਸੰਵਿਧਾਨ ਦੀ ਕਦਰ ਕਰਦਿਆਂ ਕਾਨੂੰਨ ਮੁਤਾਬਕ ਆਪਣਾ ਫਰਜ਼ ਨਿਭਾਉਣ। ਉਨ੍ਹਾਂ ‘ਆਪ’ ਵਿਧਾਇਕਾਂ ਨੂੰ ਵੀ ਸਲਾਹ ਦਿੱਤੀ ਕਿ ਸਮਾਂ ਰਹਿੰਦਿਆਂ ਡੁੱਬਦੀ ਪਾਰਟੀ ਤੋਂ ਕਿਨਾਰਾ ਕਰ ਲੈਣਾ ਹੀ ਠੀਕ ਰਹੇਗਾ।
‘ਆਪ’ ਦਾ ਨਕਾਬ ਹਾਈ ਕੋਰਟ ਨੇ ਉਤਾਰਿਆ: ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਦੀ ਇਮਾਨਦਾਰੀ ਦਾ ਨਕਾਬ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਤਾਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਸਣੇ ‘ਆਪ’ ਦੀ ਸਮੁੱਚੀ ਲਿਡਰਸ਼ਿਪ ਨੂੰ ਜਵਾਬ ਦੇਣਾ ਪਵੇਗਾ।
‘ਕੱਟੜ ਇਮਾਨਦਾਰ’ ਮੁੱਖ ਮੰਤਰੀ ਅਸਤੀਫ਼ਾ ਦੇਵੇ: ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਬੜੇ ਮਾਣ ਨਾਲ ਭਗਵੰਤ ਮਾਨ ਨੂੰ ‘ਇਮਾਨਦਾਰ’ ਮੁੱਖ ਮੰਤਰੀ ਵਜੋਂ ਪ੍ਰਚਾਰਿਤ ਕਰਦੀ ਹੈ ਪਰ ਜੇਕਰ ਸਰਕਾਰ ਵਾਕਈ ਇੰਨੀ ਇਮਾਨਦਾਰ ਹੈ ਤਾਂ ਹਾਈ ਕੋਰਟ ਨੂੰ ਇਸ ਮਾਮਲੇ ਦੀ ਜਾਂਚ ਲਈ ਇੱਕ ਸੁਤੰਤਰ ਏਜੰਸੀ ਨੂੰ ਲਿਆਉਣ ਦੀ ਲੋੜ ਕਿਉਂ ਪਈ।
ਕੇਂਦਰ ‘ਆਪ’ ਦੇ ਵਿਕਾਸ ਕਾਰਜਾਂ ਨੂੰ ਰੋਕਣਾ ਚਾਹੁੰਦਾ ਹੈ: ਬਲਤੇਜ ਪੰਨੂ
‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲੇ ਦਿਨ ਤੋਂ ‘ਆਪ’ ਦੇ ਵਿਕਾਸ ਕਾਰਜਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਵਾਰ-ਵਾਰ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰ ਕੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ ਪਰ ‘ਆਪ’ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਮੂਹਰੇ ਰੁਕਣ ਵਾਲੀ ਨਹੀਂ ਹੈ।

