ਖੇਤਰੀ ਪ੍ਰਤੀਨਿਧ
ਧੂਰੀ, 8 ਮਈ
‘ਆਪ’ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ ਉਨ੍ਹਾਂ ਦੇ ਪਰਿਵਾਰ ਦੇ ਕਾਰੋਬਾਰੀ ਅਦਾਰਿਆਂ ’ਤੇ ਮਾਰੇ ਗਏ ਛਾਪੇ ਨੂੰ ਕੇਂਦਰ ਸਰਕਾਰ ਦੀ ਸਿਆਸੀ ਬਦਲਾਖੋਰੀ ਕਰਾਰ ਦਿੱਤਾ। ਉਨ੍ਹਾਂ ਬੀਤੀ ਸ਼ਾਮ ਧੂਰੀ ਨੇੜੇ ਸਥਿਤ ਤਾਰਾ ਹਵੇਲੀ ਵਿੱਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਈਡੀ ਅਤੇ ਸੀਬੀਆਈ ਸਮੇਤ ਹੋਰ ਕੇਂਦਰੀ ਏਜੰਸੀਆਂ ਨੂੰ ਲਗਾਤਾਰ ਆਪਣੇ ਵਿਰੋਧੀਆਂ ਨੂੰ ਬਦਨਾਮ ਅਤੇ ਪ੍ਰੇਸ਼ਾਨ ਕਰਨ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਆਪਣੇ ਪਰਿਵਾਰ ਦੇ ਸਮੁੱਚੇ ਕਾਰੋਬਾਰੀ ਅਦਾਰਿਆਂ ਦੇ ਅਹੁਦਿਆਂ ਨੂੰ 2016 ਵਿੱਚ ਛੱਡ ਦਿੱਤਾ ਸੀ। ਸੀਬੀਆਈ ਨੂੰ ਮਿਲੇ ਵਿਦੇਸ਼ੀ ਕਰੰਸੀ ਨੋਟਾਂ ਦੇ ਕੀਤੇ ਜਾ ਰਹੇ ਦਾਅਵੇ ਬਾਰੇ ਗੱਜਣਮਾਜਰਾ ਨੇ ਕਿਹਾ ਕਿ ਇਹ ਸਭ ਉਨ੍ਹਾਂ ਦੇ ਸਿਆਸੀ ਅਕਸ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ।