ਦਵਿੰਦਰ ਪਾਲ
ਚੰਡੀਗੜ੍ਹ, 30 ਜੂਨ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ‘ਹੂਲ ਕ੍ਰਾਂਤੀ ਦਿਵਸ’ ਮਨਾਇਆ। ਸੂਬੇ ਵਿੱਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਦੇ 273ਵੇਂ ਦਿਨ ਆਗੂਆਂ ਨੇ ਕਿਹਾ ਕਿ ਅੱਜ ਦੇ ਦਿਨ ਸੰਨ 1855 ਵਿੱਚ ਸੰਥਾਲ ਪਰਗਨਾ ਇਲਾਕੇ ਦੇ 400 ਪਿੰਡਾਂ ਦੇ 50,000 ਕਬਾਇਲੀ ਲੋਕਾਂ ਨੇ ਸਾਹਿਬ ਗੰਜ ਜ਼ਿਲ੍ਹੇ ਦੇ ਭੋਗਨਾਡੀਹ ਪਿੰਡ ਵਿੱਚ ਇਕੱਠੇ ਹੋ ਕੇ ਅੰਗਰੇਜ਼ਾਂ ਨੂੰ ਲਗਾਨ ਨਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸੇ ਦਿਨ ਤੋਂ ਇਸ ਬਗਾਵਤ ਨੂੰ ‘ਹੂਲ ਕਰਾਂਤੀ’ ਵਜੋਂ ਯਾਦ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਬੀਕੇਯੂ (ਉਗਰਾਹਾਂ) ਵੱਲੋਂ ਵਧ ਰਹੀਆਂ ਤੇਲ ਕੀਮਤਾਂ ਖ਼ਿਲਾਫ਼ 2 ਜੁਲਾਈ ਦੇ ਜ਼ਿਲ੍ਹਾ ਪੱਧਰੀ ਧਰਨਿਆਂ ਵਿੱਚ ਖੇਤੀ ਲਈ ਪੂਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਦਾ ਮੁੱਦਾ ਵੀ ਉਠਾਇਆ ਜਾਵੇਗਾ।