ਦਵਿੰਦਰ ਪਾਲ
ਚੰਡੀਗੜ੍ਹ, 23 ਅਕਤੂਬਰ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉੱਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ਜਾਰੀ ਸੰਘਰਸ਼ੀ ਅਖਾੜਿਆਂ ਤੋਂ ਅੱਜ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਅਤੇ ਸਿੱਖ ਧਰਮ ਦੀ ਅਜ਼ੀਮ ਸ਼ਖ਼ਸੀਅਤ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬੁਲਾਰਿਆਂ ਨੇ ਕਿਹਾ ਕਿ ਸਾਨੂੰ ਬਾਬਾ ਬੁੱਢਾ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਨਾ ਚਾਹੀਦਾ ਹੈ। ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਕਪਾਹ ਪੱਟੀ ਦੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ’ਤੇ ਫਿਕਰ ਜ਼ਾਹਿਰ ਕੀਤਾ। ਉਨ੍ਹਾਂ ਪੀੜਤ ਕਿਸਾਨਾਂ ਨੂੰ ਨਿਰਾਸ਼ਾ ਦਾ ਪੱਲਾ ਛੱਡ ਕੇ ਸੰਘਰਸ਼ ਦਾ ਰਾਹ ਅਖਤਿਆਰ ਕਰਨ ਦਾ ਸੱਦਾ ਦਿੰਦਿਆਂ ਕਾਂਗਰਸ ਸਰਕਾਰ ਦੀ ਵੀ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਖਾਨਾਪੂਰਤੀ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮੇਂ ਸਿਰ ਮੁਆਵਜ਼ਾ ਦੇ ਦਿੰਦੀ ਤਾਂ ਕਿਸਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸਨ। ਆਗੂਆਂ ਨੇ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੀਆਂ ਬਦਇੰਤਜ਼ਾਮੀਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਰਗੜੇ ਲਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਖ਼ਰੀਦ ਪ੍ਰਬੰਧਾਂ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਜਾਵੇਗਾ।
ਤੇਲ ਕੀਮਤਾਂ ਖ਼ਿਲਾਫ਼ ਰੋਸ ਮੁਜ਼ਾਹਰਾ
ਗੁਰੂਸਰ ਸੁਧਾਰ (ਸੰਤੋਖ ਗਿੱਲ): ਤੇਲ ਕੀਮਤਾਂ ਵਿੱਚ ਹਰ ਰੋਜ਼ ਹੋ ਰਹੇ ਬੇਅਥਾਹ ਵਾਧੇ ਤੋਂ ਦੁਖੀ ਕਿਸਾਨਾਂ ਨੇ ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅੱਗੇ ਚੱਲ ਰਹੇ ਪੱਕੇ ਮੋਰਚੇ ’ਤੇ ਅੱਜ ਗੱਡੀਆਂ ਤੇ ਮੋਟਰਸਾਈਕਲਾਂ ਨੂੰ ਧੱਕਾ ਲਾ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਮੋਦੀ ਹਕੂਮਤ ਨੂੰ ਸੁਨੇਹਾ ਦਿੱਤਾ ਕਿ ਹੁਣ ਲੋਕਾਂ ਵਿੱਚ ਤੇਲ ਖ਼ਰੀਦਣ ਦੀ ਤਾਕਤ ਨਹੀਂ ਬਚੀ ਹੈ, ਇਸ ਲਈ ਉਹ ਆਪਣੇ ਵਾਹਨਾਂ ਨੂੰ ਧੱਕਾ ਲਗਾ ਹੀ ਕੇ ਕੰਮ ਚਲਾਉਣਗੇ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਅਤੇ ਕਰਮ ਸਿੰਘ ਗੁੱਜਰਵਾਲ ਨੇ ਕਿਹਾ ਕਿ ਮੋਦੀ ਹਕੂਮਤ ਨੇ ਜਿਸ ਤਰ੍ਹਾਂ ਉਨ੍ਹਾਂ ਨੂੰ ਆਪਣੀਆਂ ਗੱਡੀਆਂ ਨੂੰ ਧੱਕਾ ਲਾਉਣ ਲਈ ਮਜਬੂਰ ਕੀਤਾ ਹੈ, ਹੁਣ ਇਸੇ ਢੰਗ ਨਾਲ ਮੋਦੀ ਹਕੂਮਤ ਨੂੰ ਵੀ ਧੱਕਾ ਲਾ ਕੇ ਤੋਰਿਆ ਜਾਵੇਗਾ। ਆਗੂਆਂ ਨੇ ਦੋਸ਼ ਲਾਇਆ ਹੈ ਕਿ ਜਦੋਂ ਕੌਮਾਂਤਰੀ ਮੰਡੀ ਵਿੱਚ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਪਰ ਸਾਡੇ ਦੇਸ਼ ਵਿੱਚ ਵੱਧ ਰਹੀਆਂ ਹਨ। ਕਿਸਾਨ ਆਗੂਆਂ ਨੇ ਤੇਲ ਕੰਪਨੀਆਂ ਦਾ ਕੌਮੀਕਰਨ ਕਰ ਕੇ ਨਿੱਜੀ ਕੰਪਨੀਆਂ ਦੀ ਲੁੱਟ ਤੋਂ ਬਚਾਉਣ ਦੀ ਮੰਗ ਕੀਤੀ।