ਦਲਬੀਰ ਸੱਖੋਵਾਲੀਆ
ਬਟਾਲਾ, 23 ਜੁਲਾਈ
ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦਾ 84ਵਾਂ ਜਨਮ ਦਿਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬਟਾਲਾ ਕਲੱਬ ਵਿਚ ਮਨਾਇਆ ਗਿਆ। ਕਰੋਨਾਵਾਇਰਸ ਕਾਰਨ ਸੋਸ਼ਲ ਡਿਸਟੈਂਸ ਨੂੰ ਬਰਕਾਰ ਰੱਖਦਿਆਂ ਇਹ ਪ੍ਰੋਗਰਾਮ ਸਾਦੇ ਢੰਗ ਨਾਲ ਮਨਾਇਆ ਗਿਆ। ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਜਸਕਰਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਹਰਪੁਰਾ, ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਚੂਹੇਵਾਲ, ਬਟਾਲਾ ਸ਼ਹਿਰ ਦੇ ਮੋਹਤਬਰ, ਕੁਲਵਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ ਪੰਜਗਰਾਈਆਂ ਨੇ ਕੇਕ ਕੱਟ ਕੇ ਸ਼ਿਵ ਕੁਮਾਰ ਬਟਾਲਵੀ ਦੇ ਪ੍ਰਸ਼ੰਸਕਾਂ ਨੂੰ ਮੁਬਾਰਕਬਾਦ ਦਿੱਤੀ। ਤਹਿਸੀਲਦਾਰ ਬਲਜਿੰਦਰ ਸਿੰਘ ਨੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਆਪਣੇ ਲਾਡਲੇ ਸ਼ਾਇਰ ’ਤੇ ਮਾਣ ਹੈ, ਜਿਨ੍ਹਾਂ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਂ ਵੀ ਪੂਰੀ ਦੁਨੀਆਂ ਵਿਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਟਾਲਵੀ ਨੇ ਪੰਜਾਬੀ ਮਾਂ ਬੋਲੀ ਦੀ ਝੋਲੀ ’ਚ ਅਜਿਹੀਆਂ ਖ਼ੂਬਸੂਰਤ ਰਚਨਾਵਾਂ ਪਾਈਆਂ ਹਨ, ਜੋ ਰਹਿੰਦੀ ਦੁਨੀਆਂ ਤਕ ਉਸ ਨੂੰ ਲੋਕ ਮਨਾਂ ਵਿਚ ਜ਼ਿੰਦਾ ਰੱਖਣਗੀਆਂ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਆਪਣੇ ਸਾਹਿਤ ਨਾਲ ਜੁੜਨਾ ਚਾਹੀਦਾ ਹੈ ਅਤੇ ਸ਼ਿਵ ਕੁਮਾਰ ਵਰਗੇ ਸਿਰਮੌਰ ਕਵੀਆਂ ਦੀਆਂ ਰਚਨਾਵਾਂ ਨੂੰ ਪੜ੍ਹਨਾ ਚਾਹੀਦਾ ਹੈ।