ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 19 ਅਪਰੈਲ
ਨੌਵੇਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਇਥੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅਖੰਡ ਪਾਠ ਆਰੰਭ ਹੋ ਗਿਆ ਹੈ। ਅਖੰਡ ਪਾਠ ਦਾ ਭੋਗ 21 ਅਪਰੈਲ ਨੂੰ ਪਾਇਆ ਜਾਵੇਗਾ ਜਦਕਿ ਭਲਕੇ 20 ਅਪਰੈਲ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ। ਭਾਈ ਰਾਜਦੀਪ ਸਿੰਘ ਨੇ ਦੱਸਿਆ ਕਿ ਇਸ ਸਾਲ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਮੌਕੇ ਸਮਾਗਮਾਂ ਦਾ ਪ੍ਰਬੰਧ ਕਰਨਾ ਗੁਰੂ ਸਾਹਿਬ ਦੀ ਸ਼ਰਧਾ ਤੇ ਸਤਿਕਾਰ ਦੇ ਪੱਖ ਤੋਂ ਮਹੱਤਵਪੂਰਨ ਹੈ। ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ 21 ਅਪਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਕੀਤੇ ਜਾਣ ਵਾਲੇ ਸਮਾਗਮ ਵਿੱਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ 21 ਅਪਰੈਲ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਆਰੰਭ ਹੋਵੇਗਾ। ਇਸ ਤੋਂ ਪਹਿਲਾਂ 20 ਅਪਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਇਸੇ ਦਿਨ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ਾਲ ਕੀਰਤਨ ਦਰਬਾਰ ਵੀ ਲਗਾਇਆ ਜਾਵੇਗਾ।
ਸਿੱਖ ਵਫ਼ਦ ਵੱਲੋਂ ਭਾਜਪਾ ਆਗੂਆਂ ਨਾਲ ਮੁਲਾਕਾਤ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨਾਲ ਮੁਲਾਕਾਤ ਕੀਤੀ। ਸ੍ਰੀ ਨੱਢਾ ਨੇ ਵਫ਼ਦ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦਿੱਲੀ ਦੇ ਲਾਲ ਕਿਲੇ ’ਚ ਗੁਰੂ ਤੇਗ ਬਹਾਦਰ ਜੀ ਦੀ ਚੌਥੀ ਜਨਮ ਸ਼ਤਾਬਦੀ ਮਨਾਉਣ ਲਈ ਕੌਮੀ ਪੱਧਰ ਦਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਇਸ ਧਾਰਮਿਕ ਸਮਾਗਮ ਵਿੱਚ ਲੱਖਾਂ ਦੀ ਗਿਣਤੀ ’ਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ।