ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਫਰਵਰੀ
ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਪੁਲੀਸ ’ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਪੁਲੀਸ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ। ਮੋਰਚੇ ਨੇ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਖ਼ਿਲਾਫ਼ ਦਿੱਲੀ ਪੁਲੀਸ ਦੀ ਕਾਰਵਾਈ ਦੀ ਨਿੰਦਾ ਕੀਤੀ ਤੇ ਉਸ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਦੀਆਂ ਤਿੰਨੇਂ ਹੱਦਾਂ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਪੁਲੀਸ ਤਾਕਤ ਦੀ ਦੁਰਵਰਤੋਂ ਕੀਤੀ ਹੈ ਤੇ ਮੋਰਚਾ ਇਸ ਦੀ ਸਖ਼ਤ ਨਿੰਦਾ ਕਰਦਾ ਹੈ। ਕਿਸਾਨ ਆਗੂ ਨੇ ਕਿਹਾ ਕਿ ਭਾਰਤ ਦੇ ਨੌਜਵਾਨ ਵਾਤਾਵਰਨ ਕਾਰਕੁਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੇ ਮਾੜੇ ਅਸਰਾਂ ਨੂੰ ਸਮਝਦਿਆਂ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨ ਅੰਦੋਲਨ ਦੇ ਹਰ ਹਮਾਇਤੀ ਨੂੰ ਦੇਸ਼ ਵਿਰੋਧੀ ਸਾਬਤ ਕਰਨ ਲਈ ਪੂਰੀ ਵਾਹ ਲਾ ਰਹੀ ਹੈ। ਅਜਿਹੇ ਹਮਾਇਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨਣ ਦੀ ਨਾਕਾਮ ਕੋਸ਼ਿਸ਼ ਜਾਰੀ ਹੈ। 18 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਭਾਰਤ ਵਿਚ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਐਕਸ਼ਨ ’ਚ ਸ਼ਾਮਲ ਹੋਣ ਦੀ ਮੰਗ ਕੀਤੀ ਹੈ। ਸਾਰੇ ਭਾਰਤ ਵਿੱਚ ਸ਼ਾਂਤੀ ਨਾਲ ਭਰਪੂਰ ਹੁੰਗਾਰਾ ਦੇਣ ਦੀ ਅਪੀਲ ਕੀਤੀ ਹੈ।
ਅੱਜ ਸਰ ਛੋਟੂ ਰਾਮ ਦਾ ਜਨਮ ਦਿਨ ਮਨਾਉਣ ਦਾ ਸੱਦਾ
ਡਾ. ਦਰਸ਼ਨਪਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ 16 ਫਰਵਰੀ ਨੂੰ ਸਰ ਛੋਟੂ ਰਾਮ ਦੇ ਕਿਸਾਨੀ ਚੇਤਨਾ ਲਈ ਦਿੱਤੇ ਯੋਗਦਾਨ ਨੂੰ ਯਾਦ ਕਰਦਿਆਂ ਜ਼ਿਲ੍ਹਾ ਤੇ ਤਹਿਸੀਲ ਪੱਧਰਾਂ ’ਤੇ ਸਮਾਰੋਹ ਕਰਕੇ ਉਨ੍ਹਾਂ ਦਾ ਜਨਮ ਦਿਨ ਮਨਾਉਣ ਦਾ ਸੱਦਾ ਦਿੱਤਾ ਹੈ। ਛੋਟੂ ਰਾਮ ਦੀ ਅਗਵਾਈ ’ਚ ਕਿਸਾਨ ਸੰਘਰਸ਼ ਸਦਕਾ 1930ਵਿਆਂ ’ਚ ਸੂਦਖੋਰਾਂ ਵਿਰੁੱਧ ਕਾਨੂੰਨ ਲਿਆਂਦੇ ਗਏ ਸਨ, ਜਿਸ ਨੇ ਕਿਸਾਨਾਂ ਨੂੰ ਸੂਦਖੋਰਾਂ ਦੇ ਚੁੰਗਲ ਤੋਂ ਬਚਾਇਆ। ਸਰ ਛੋਟੂ ਰਾਮ ਨੂੰ ਭਾਰਤ ਵਿੱਚ ਮੰਡੀ ਪ੍ਰਣਾਲੀ ਦੀ ਸਥਾਪਨਾ ਦਾ ਸਿਹਰਾ ਵੀ ਦਿੱਤਾ ਜਾਂਦਾ ਹੈ। 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਸਾਰੇ ਹਲਕਿਆਂ ਨੂੰ ਮੀਟਿੰਗਾਂ ਦਾ ਸੱਦਾ ਦਿੱਤਾ ਜੋ ਸਰ ਛੋਟੂ ਰਾਮ ਦੇ ਯੋਗਦਾਨ ਤੇ ਉਨ੍ਹਾਂ ਵਰਗੇ ਮਿਸਾਲੀ ਲੋਕਾਂ ਤੋਂ ਪ੍ਰੇਰਨਾ ਲੈਂਦਿਆਂ ਚੱਲ ਰਹੀ ਲਹਿਰ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਬਾਰੇ ਦੱਸਣ।’